ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸ਼ੁਬੇਗ ਸਿੰਘ, ਭਾਈ ਠਾਰਾ ਸਿੰਘ ਸਮੇਤ ਸਮੂਹ ਸ਼ਹੀਦਾਂ ਪ੍ਰਤੀ ਕੌਮੀ ਭਾਵਨਾ ਦਾ ਪ੍ਰਗਟਾਵਾ ਕੀਤਾ ਅਤੇ ਸਿੱਖ ਪੰਥ ਨੂੰ ਇਸ ਘੱਲੂਘਾਰੇ ਦੇ ਜ਼ਖ਼ਮਾਂ ਨੂੰ ਸ਼ਕਤੀ ਬਣਾ ਕੇ ਅੱਗੇ ਤੁਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਅਤੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ 40 ਸਾਲਾਂ ਬਾਅਦ ਵੀ ਸਜ਼ਾਵਾਂ ਨਾ ਦੇਣਾ ਭਾਰਤੀ ਹਕੂਮਤ ਦਾ ਸਿੱਖਾਂ ਨਾਲ ਅਨਿਆਂਪੂਰਨ ਵਤੀਰਾ ਹੈ। ਇਸ ਲਈ ਪੰਥ ਅਤੇ ਪੰਜਾਬ ਦੇ ਰਾਜਨੀਤਕ, ਭੂਗੋਲਿਕ ਅਤੇ ਆਰਥਿਕ ਹੱਕਾਂ ਵਾਸਤੇ ਦਿੱਲੀ ਵੱਲ ਵਾਰ-ਵਾਰ ਹੱਥ ਅੱਡਣ ਦੀ ਬਜਾਏ ਅੱਜ ਖਾਲਸਈ ਹਲੇਮੀ ਰਾਜ ਦੇ ਸੰਕਲਪ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁਲਤ ਕਰਨ ਦੀ ਲੋੜ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਆਖਿਆ ਕਿ ਅੰਗਰੇਜ਼ਾਂ ਨਾਲ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਸਿੱਖਾਂ ਨੇ ਮੋਹਰੀ ਰੋਲ ਨਿਭਾਇਆ, ਪਰ ਆਪਣੇ ਹੀ ਦੇਸ਼ ਦੇ ਆਗੂਆਂ ਵੱਲੋਂ ਕੀਤੇ ਗਏ ਵਾਅਦੇ ਅਜ਼ਾਦੀ ਮਗਰੋਂ ਭੁਲਾ ਦਿੱਤੇ ਗਏ। ਇੱਥੋਂ ਤੱਕ ਕਿ ਸਿੱਖਾਂ ਨੂੰ ਜ਼ਰਾਇਮ ਪੇਸ਼ਾ ਤੱਕ ਆਖ ਕੇ ਸਰਕਾਰੀ ਅਧਿਕਾਰੀਆਂ ਨੂੰ ਇਨ੍ਹਾਂ ’ਤੇ ਸ਼ੱਕੀ ਨਿਗਾਹਾਂ ਰੱਖਣ ਦੇ ਫਰਮਾਨ ਜਾਰੀ ਕਰ ਦਿੱਤੇ ਗਏ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਕਰੜੇ ਸੰਘਰਸ਼ ਮਗਰੋਂ ਸਿੱਖਾਂ ਨੂੰ ਪੰਜਾਬੀ ਸੂਬਾ ਤਾਂ ਮਿਲਿਆ, ਪਰ ਪੰਜਾਬ ਨੂੰ ਦਰਿਆਈ ਪਾਣੀਆਂ, ਰਾਜਧਾਨੀ ਚੰਡੀਗੜ੍ਹ ਅਤੇ ਬਹੁਤ ਸਾਰੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਵਿਰਵਾ ਰੱਖਿਆ ਗਿਆ। ਪੰਜਾਬ ਦੇ ਇਨ੍ਹਾਂ ਮਸਲਿਆਂ ਅਤੇ ਸੂਬਾਈ ਖ਼ੁਦਮੁਖ਼ਤਿਆਰੀ ਵਾਲੇ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਲੈ ਕੇ ਸਿੱਖਾਂ ਨੂੰ ਧਰਮ ਯੁੱਧ ਮੋਰਚਾ ਲਗਾਉਣ ਲਈ ਮਜਬੂਰ ਹੋਣਾ ਪਿਆ, ਜਿਸ ਨੂੰ ਜਬਰ ਦੀ ਨੀਤੀ ਨਾਲ ਕੁਚਲਣ ਅਤੇ ਐਮਰਜੈਂਸੀ ਸਮੇਂ ਅਕਾਲੀ ਦਲ ਵੱਲੋਂ ਕੀਤੇ ਵਿਰੋਧ ਦਾ ਬਦਲਾ ਲੈਣ ਲਈ ਹੰਕਾਰੀ ਤੇ ਜਾਬਰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ 1 ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਫੌਜ ਵਾੜ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਆਈਆਂ ਸੰਗਤਾਂ ’ਤੇ ਗੋਲੀਆਂ ਚਲਾ ਕੇ ਸਿੰਘ-ਸਿੰਘਣੀਆਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਬੇਰਹਿਮੀ ਦੇ ਨਾਲ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੂਨ 1984 ਦਾ ਇਹ ਹਮਲਾ ਸਿੱਖ ਕੌਮ ਲਈ ਤੀਜਾ ਘੱਲੂਘਾਰਾ ਹੈ, ਜਿਸ ਦਾ ਦਰਦ ਅਤੇ ਜ਼ਖ਼ਮ ਸਿੱਖ ਅਵਚੇਤਨ ਵਿੱਚੋਂ ਕਦੇ ਵੀ ਮਨਫੀ ਨਹੀਂ ਹੋ ਸਕਣਗੇ।
ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਅਤੇ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਤਿਆਗ ਅਤੇ ਕੁਰਬਾਨੀਆਂ ਨੂੰ ਵੀ ਯਾਦ ਕੀਤਾ। ਉਨ੍ਹਾਂ ਆਖਿਆ ਕਿ ਧਰਮੀ ਫੌਜੀਆਂ ਦੀ ਬਗਾਵਤ ਸਦਕਾ ਹੀ ਇੰਦਰਾ ਗਾਂਧੀ ਦੀ ‘ਅਪਰੇਸ਼ਨ ਵੁੱਡਰੋਜ਼’ ਤਹਿਤ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ ਲਈ ਗੁਪਤ ਯੋਜਨਾ ਕਾਮਯਾਬ ਨਾ ਹੋ ਸਕੀ।
ਉਨ੍ਹਾਂ ਸਿੱਖ ਕੌਮ ਦੇ ਮੌਜੂਦਾ ਸੰਕਟਾਂ ਦੀ ਨਿਸ਼ਾਨਦੇਹੀ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ-ਕਲਿਆਣਕਾਰੀ ਫ਼ਲਸਫ਼ੇ `ਤੇ ਆਧਾਰਿਤ ਕੌਮੀ ਏਜੰਡਾ ਤੈਅ ਕਰਨ ਦੀ ਲੋੜ ’ਤੇ ਜੋਰ ਦਿੱਤਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਜਨਮ ਅਤੇ ਕਰਮ ਭੂਮੀ ਪੰਜਾਬ ਵਿਚੋਂ ਗੁਆਚ ਰਹੀਆਂ ਸਿੱਖ ਕਦਰਾਂ-ਕੀਮਤਾਂ, ਵਾਤਾਵਰਨ, ਸਿਹਤ, ਮਾਂ-ਬੋਲੀ ਅਤੇ ਸਿੱਖਿਆ ਦੇ ਗੰਭੀਰ ਸੰਕਟ ਦੇ ਨਾਲ-ਨਾਲ ਕਿਰਤ ਸੱਭਿਆਚਾਰ ਅਤੇ ਧਰਮ ਦੀਆਂ ਸੱਚੀਆਂ ਕਦਰਾਂ-ਕੀਮਤਾਂ ਤੋਂ ਟੁੱਟੀ ਰਾਜਨੀਤੀ ਨੂੰ ਨਰੋਈ ਦਿਸ਼ਾ ਦੇਣ ਲਈ ਸਮੂਹਿਕ ਯਤਨ ਕੀਤੇ ਜਾਣ। ਉਨ੍ਹਾਂ ਸ਼ਾਨਾਮੱਤੇ ਸਿੱਖ ਇਤਿਹਾਸ ਦੀ ਸੇਧ ਵਿੱਚ ਉੱਚੇ-ਸੁੱਚੇ ਸਿੱਖ ਕਿਰਦਾਰ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਦੀਆਂ ਅਗਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਗੰਭੀਰ ਯਤਨ ਕੀਤੇ ਜਾਣ।
ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਈਸ਼ਰ ਸਿੰਘ, ਬੀਬੀ ਸਤਵੰਤ ਕੌਰ, ਭਾਈ ਮਨਜੀਤ ਸਿੰਘ, ਸ. ਬੇਅੰਤ ਸਿੰਘ, ਸ. ਭੁਪਿੰਦਰ ਸਿੰਘ ਭਲਵਾਨ ਅਤੇ ਹੋਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਮੀਤ ਸਿੰਘ ਬੂਹ, ਸ. ਹਰਪਾਲ ਸਿੰਘ ਜੱਲਾ, ਸ. ਅਮਰੀਕ ਸਿੰਘ ਵਿਛੋਆ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਮਰੀਕ ਸਿੰਘ ਸ਼ਾਹਪੁਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਭਾਈ ਜਸਬੀਰ ਸਿੰਘ ਰੋਡੇ, ਗਿਆਨੀ ਕੇਵਲ ਸਿੰਘ, ਸ. ਸਿਮਰਨਜੀਤ ਸਿੰਘ ਮਾਨ, ਬਾਬਾ ਬਲਜੀਤ ਸਿੰਘ ਦਾਦੂਵਾਲ, ਸ. ਜਸਬੀਰ ਸਿੰਘ ਘੁੰਮਣ, ਸ. ਮਨਜੀਤ ਸਿੰਘ ਜੀਕੇ, ਸ. ਅਮਰਬੀਰ ਸਿੰਘ ਢੋਟ, ਸ. ਕੰਵਰਚੜ੍ਹਤ ਸਿੰਘ, ਸ. ਸਰਬਜੀਤ ਸਿੰਘ ਖਾਲਸਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਮਾਤਾ ਬਲਵਿੰਦਰ ਕੌਰ, ਸ. ਈਮਾਨ ਸਿੰਘ ਮਾਨ, ਸ. ਕੰਵਰਪਾਲ ਸਿੰਘ, ਸ. ਪਰਮਜੀਤ ਸਿੰਘ ਮੰਡ, ਸ. ਬਲਵੰਤ ਸਿੰਘ ਗੋਪਾਲਾ, ਸ. ਤਲਵਿੰਦਰ ਸਿੰਘ ਬੁੱਟਰ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।