ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ 29 ਅਗਸਤ ਨੂੰ ਹੋਣਗੇ ਅਰਦਾਸ ਸਮਾਗਮ
ਮਨਪ੍ਰੀਤ ਸਿੰਘ ਖਾਲਸਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮੂਹਿਕ ਅਰਦਾਸ ਕਰਨ ਦਾ ਫੈਸਲਾ ਕੀਤਾ ਗਿਆ। 27 ਅਗਸਤ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ। ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਅਤੇ ਟਰੱਸਟਾਂ ਵਿਚ ਵੀ 29 ਅਗਸਤ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਅਰਦਾਸ ਕੀਤੀ ਜਾਵੇਗੀ। ਐਡਵੋਕੇਟ ਧਾਮੀ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਿਮਾਰ ਮਾਤਾ ਨੂੰ ਮਿਲਣ ਲਈ ਤੁਰੰਤ ਪੈਰੋਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਦੀ ਪਹੁੰਚ ਨਾ-ਇਨਸਾਫ਼ੀ ਵਾਲੀ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਮਾਮਲਾ ਵੀ ਲੰਮੇ ਸਮੇਂ ਤੋਂ ਲਟਕ ਰਿਹਾ ਹੈ।
ਅੰਤ੍ਰਿੰਗ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਗੁਰਦਾਸ ਜੀ ਅਤੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਯਾਦ ਵਿਚ ਯਾਦਗਾਰੀ ਅਸਥਾਨ ਬਣਾਉਣ ਨੂੰ ਸਿਧਾਂਤਕ ਪ੍ਰਵਾਨਗੀ ਦਿੱਤੀ। ਇਹ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਦੇ ਦੋਵੇਂ ਪਾਸੇ ਬਣਾਏ ਜਾਣਗੇ। ਇਸੇ ਤਰ੍ਹਾਂ ਹਰੀਕੇ ਪੱਤਣ ਵਿਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਬਣਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਜਗ੍ਹਾ ਦੀ ਚੋਣ ਉਪਰੰਤ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੀਰੀ ਪੀਰੀ ਮੈਡੀਕਲ ਕਾਲਜ, ਸ਼ਾਹਬਾਦ ਮਾਰਕੰਡਾ ਲਈ 2.5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਮਨਜ਼ੂਰ ਕੀਤੀ ਗਈ। ਅੰਤ੍ਰਿੰਗ ਕਮੇਟੀ ਨੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ ਮਗਰੋਂ ਕਾਂਗਰਸੀ ਆਗੂਆਂ ਵੱਲੋਂ ਕੀਤੀ ਜਾ ਰਹੀ ਪ੍ਰਸ਼ੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਿਆਸੀ ਸਰਪ੍ਰਸਤੀ ਮਿਲਣਾ ਸਿੱਖਾਂ ਪ੍ਰਤੀ ਕਾਂਗਰਸ ਦੀ ਸੋਚ ਨੂੰ ਦਰਸਾਉਂਦਾ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਅਤੇ ਐਡਮਨਟਨ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਸੇਵਾਦਾਰਾਂ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਅਜਿਹੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।








































