(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਕਮੇਟੀ ਵੱਲੋਂ ਅਪਰੇਸ਼ਨ ਬਲੂ ਸਟਾਰ ਦੀ 40ਵੀਂ ਵਰ੍ਹੇਗੰਢ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਉਹਨਾਂ ਦਿਨਾਂ ਨੂੰ ਚੇਤੇ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਹਰਮੀਤ ਸਿੰਘ ਕਾਲਕਾ, ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਜਿਸ ਤਰੀਕੇ ਅੱਜ ਕੱਲ੍ਹ ਦੇ ਦਿਨਾਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਨੂੰ ਟੈਂਕਾਂ ਤੇ ਤੋਪਾਂ ਨਾਲ ਹਮਲਾ ਕਰ ਕੇ ਤਬਾਹ ਕੀਤਾ ਗਿਆ, ਬੇਕਸੂਰ ਸਿੰਘਾਂ ਸਿੰਘਣੀਆਂ ਤੇ ਮਾਸੂਮ ਬੱਚਿਆਂ ਦਾ ਕਤਲ ਕੀਤਾ ਗਿਆ ਤੇ ਫਿਰ ਇਸ ਮਗਰੋਂ ਦਿੱਲੀ ਤੇ ਦੇਸ਼ ਦੇ ਹੋਰ ਸ਼ਹਿਰਾਂ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਉਸਨੂੰ ਸਿੱਖ ਕੌਮ ਕਦੇ ਭੁੱਲ ਨਹੀਂ ਸਕਦੀ।
ਉਹਨਾਂ ਕਿਹਾ ਕਿ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਹਮਲਾ ਕੀਤਾ ਜਿਸਦਾ ਮਕਸਦ ਸਿੱਖਾਂ ਦੀ ਨਸਲਕੁਸ਼ੀ ਸੀ। ਉਹਨਾਂ ਕਿਹਾ ਕਿ ਸ੍ਰੀ ਹਰਿਮੰਦਿਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਲਈ ਸ਼ਕਤੀ ਦੇ ਸੋਮੇ ਹਨ ਤੇ ਇੰਦਰਾ ਗਾਂਧੀ ਨੇ ਇਹ ਸੋਮੇ ਖਤਮ ਕਰਨ ਦਾ ਯਤਨ ਕੀਤਾ ਪਰ ਉਹ ਆਪਣੇ ਮਕਸਦ ਵਿਚ ਕਾਮਯਾਬ ਨਾ ਹੋਈ।
ਉਹਨਾਂ ਕਿਹਾ ਕਿ ਅੱਜ ਵੀ ਸਿੱਖ ਕੌਮ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ, ਸਿੱਖ ਕੌਮ ਦੀ ਚੜ੍ਹਦੀਕਲਾ ਵਾਸਤੇ ਇਕਜੁੱਟ ਹੋਣ ਦੀ ਜ਼ਰੂਰਤ ਹੈ ਤੇ ਦਿੱਲੀ ਗੁਰਦੁਆਰਾ ਕਮੇਟੀ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਮੁਤਾਬਕ ਸਿੱਖ ਕੌਮ ਦੀ ਬੇਹਤਰੀ ਤੇ ਭਲੇ ਤੇ ਚੜ੍ਹਦੀਕਲਾ ਤੇ ਸਰਬੱਤ ਦੇ ਭਲੇ ਵਾਸਤੇ ਕੰਮ ਕਰਨ ਲਈ ਵਚਨਬੱਧ ਹੈ।
ਉਹਨਾਂ ਕਿਹਾ ਕਿ ਅੱਜ ਵੀ ਕੌਮ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਆਪਣੇ ਨਿੱਜੀ ਮੁਫਾਦਾਂ ਨੂੰ ਪਿੱਛੇ ਰੱਖ ਕੇ ਕੌਮ ਦੀ ਚੜ੍ਹਦੀਕਲਾ ਵਾਸਤੇ ਸੋਚੇ, ਸਮਝੇ ਤੇ ਕੰਮ ਕਰੇ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਕੌਮ ਦੇ ਭਲੇ ਵਾਸਤੇ ਕਿਸੇ ਨਾਲ ਵੀ ਮਿਲ ਕੇ ਕੰਮ ਕਰਨ ਨੂੰ ਤਿਆਰ ਹਾਂ ਪਰ ਕੌਮ ਦੇ ਦੋਖੀਆਂ ਨਾਲ ਰਲ ਕੇ ਕੰਮ ਨਹੀਂ ਕਰ ਸਕਦੇ।
ਇਸ ਮੌਕੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਦੁਨੀਆਂ ਵਿਚ ਅਜਿਹੀ ਕੋਈ ਹੋਰ ਮਿਸਾਲ ਨਹੀਂ ਮਿਲਦੀ ਜਿਥੇ ਸਿਰਫ ਇਕ ਕੌਮ ਨੂੰ ਨਿਸ਼ਾਨਾ ਬਣਾਉਂਦਿਆਂ ਉਹਨਾਂ ਦੇ ਆਸਥਾ ਦੇ ਸਥਾਨ ਢਹਿ ਢੇਰੀ ਕੀਤੇ ਗਏ ਹੋਣ ਤੇ ਉਹਨਾਂ ਦੇ ਮਾਸੂਮ ਤੇ ਨਿਰਦੋਸ਼ ਲੋਕਾਂ ਦਾ ਕਤਲੇਆਮ ਕੀਤਾ ਗਿਆ ਹੋਵੇ ਜਿਸਦੇ ਦੋਸ਼ੀਆਂ ਨੂੰ ਕਦੇ ਸਜ਼ਾ ਨਾ ਮਿਲੀ ਹੋਵੇ। ਉਹਨਾਂ ਕਿਹਾ ਕਿ ਅਸੀਂ 1984 ਦੇ ਸਿੱਖ ਕਤਲੇਆਮ ਦੇ ਇਕ-ਇਕ ਕੇਸ ਵਿਚ ਦੋਸ਼ੀਆਂ ਨੂੰ ਸਜ਼ਾ ਮਿਲਣੀਆਂ ਯਕੀਨੀ ਬਣਾਵਾਂਗੇ ਤੇ ਇਸ ਵਾਸਤੇ ਹਮੇਸ਼ਾ ਕੌਮ ਦੀ ਸੇਵਾ ਵਾਸਤੇ ਹਾਜ਼ਰ ਹਾਂ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ।