(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਨੇ ਪੰਜਾਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਹੈ, ਜੋ ਇਸ ਸਮੇਂ ਅਸਾਮ ਦੀ ਜੇਲ੍ਹ ਵਿੱਚ ਨਜ਼ਰਬੰਦ ਹਨ।
ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਬਾਰੇ ਜ਼ੋਰਦਾਰ ਵਕਾਲਤ ਕਰਦਿਆਂ ਕਿਹਾ ਕਿ, ਉਸ ਨਾਲ ਸਿਆਸੀ ਮੱਤਭੇਦਾਂ ਦੇ ਬਾਵਜੂਦ, ਉਹ ਆਪਣੇ ਖਡੂਰ ਸਾਹਿਬ ਹਲਕੇ ਦੀ ਸੇਵਾ ਕਰਨ ਲਈ ਬਕਾਇਆ ਮੁਕੱਦਮੇ ਤੋਂ ਮੁਕਤ ਹੋਣ ਦੇ ਹੱਕਦਾਰ ਹਨ, ਜਿਸ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਚੁਣਿਆ ਸੀ।
ਸਰਨਾ ਨੇ ਕੌਮੀ ਸੁਰੱਖਿਆ ਐਕਟ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਹੋਰ ਇੱਕ ਸਾਲ ਲਈ ਵਧਾਉਣ ‘ਤੇ ਵੀ ਚਿੰਤਾ ਪ੍ਰਗਟਾਈ ਅਤੇ ਉਨ੍ਹਾਂ ਦੀ ਹਾਲੀਆ ਚੋਣ ਜਿੱਤ ਤੋਂ ਬਾਅਦ ਇਸ ਫੈਸਲੇ ਤੇ ਸੁਆਲ ਉਠਾਏ ਹਨ ।
ਦਿੱਲੀ ਤੋਂ ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਅਤੇ ਚੋਣ ਪ੍ਰਕਿਰਿਆ ਦੀ ਭਾਵਨਾ ਦੇ ਮੱਦੇਨਜ਼ਰ ਇਸ ਬੇਨਤੀ ‘ਤੇ ਗੰਭੀਰਤਾ ਨਾਲ ਵਿਚਾਰ ਕਰੇ।
ਸਰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਉਮੀਦ ਹੈ ਕਿ ਇਸ ਅਪੀਲ ਵੱਲ ਸਕਾਰਾਤਮਕ ਧਿਆਨ ਦਿੱਤਾ ਜਾਵੇਗਾ।