(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਬੀਤੇ ਦਿਨੀ ਬਰਤਾਨਵੀ ਸੰਸਦ ਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਦੀ ਚੋਣ ਵਿੱਚ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਰੱਖਿਆ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ।
ਦੱਸਣਯੋਗ ਹੈ ਕਿ ਇਹ ਕਮੇਟੀ ਵਿਸ਼ੇਸ਼ ਤੌਰ ‘ਤੇ ਰੱਖਿਆ ਸਬੰਧੀ ਬਰਤਾਨਵੀ ਸਰਕਾਰ ਦੀਆਂ ਨੀਤੀਆਂ ਦੀ ਘੋਖ ਲਈ ਵਿਸ਼ੇਸ਼ ਭੂਮਿਕਾ ਨਿਭਾਉਂਦੀ ਹੈ ਅਤੇ ਯੂ.ਕੇ. ਦੇ ਹਾਊਸ ਆਫ਼ ਕਾਮਨਜ਼ ਦੇ 650 ਸੰਸਦ ਮੈਂਬਰ ਹੀ ਇਸ ਸਿਲੈਕਟ ਕਮੇਟੀ ਦੀ ਚੋਣ ਲਈ ਵੋਟਾਂ ਪਾ ਸਕਦੇ ਹਨ।
ਇਸ ਚੋਣ ਵਿੱਚ ਮਹੱਤਵਪੂਰਨ ਗੱਲ ਇਹ ਵੀ ਹੈ ਕਿ ਤਨਮਨਜੀਤ ਸਿੰਘ ਢੇਸੀ ਇਸ ਰੱਖਿਆ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ਵਾਲੇ ਏਸ਼ੀਆਈ ਪਿਛੋਕੜ ਜਾਂ ਘੱਟ ਗਿਣਤੀ ਵਰਗ ਨਾਲ ਸਬੰਧਿਤ ਪਹਿਲੇ ਸਿੱਖ ਸੰਸਦ ਮੈਂਬਰ ਹਨ। ਇਸ ਤੋਂ ਇਲਾਵਾ 2020 ਵਿੱਚ ਵੀ ਉਹ ਬਤੌਰ ਮੈਂਬਰ ਸੇਵਾ ਨਿਭਾਅ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਤਨਮਨਜੀਤ ਸਿੰਘ ਢੇਸੀ ਸੰਸਦ ਮੈਂਬਰ ਵਜੋਂ ਪਿਛਲੇ ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਸਲੋਹ ਸੰਸਦੀ ਹਲਕੇ ਦੀ ਸੇਵਾ ਕਰ ਰਹੇ ਹਨ। ਯੂ.ਕੇ. ਦੀ ਸੰਸਦ ਵਿੱਚ ਸਪੀਕਰ ਸਰ ਲਿੰਡਸੇ ਹੋਇਲ ਵੱਲੋਂ ਕਮੇਟੀ ਦੇ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਰੱਖਿਆ ਚੋਣ ਕਮੇਟੀ ਦਾ ਚੇਅਰਮੈਨ ਚੁਣੇ ਜਾਣ ‘ਤੇ ਮੈਂ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ ਅਤੇ ਉਨ੍ਹਾਂ ਸਮੂਹ ਲੋਕਾਂ ਦਾ, ਜਿਨ੍ਹਾਂ ਨੇ ਮੈਨੂੰ ਸਮਰਥਨ ਦਿੱਤਾ ਅਤੇ ਮੇਰੇ ‘ਤੇ ਭਰੋਸਾ ਜਤਾਉਣ ਵਾਲੇ ਸਮੁੱਚੇ ਹਾਊਸ ਆਫ਼ ਕਾਮਨਜ਼ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਅਤੇ ਆਲਮੀ ਸਥਿਰਤਾ ਲਈ ਖ਼ਤਰੇ ਅਤੇ ਮੁਸ਼ਕਿਲਾਂ ਦਿਨੋਂ-ਦਿਨ ਵਧ ਰਹੀਆਂ ਹਨ ਅਤੇ ਇਹ ਬੇਹੱਦ ਜ਼ਰੂਰੀ ਹੈ ਕਿ ਬਰਤਾਨੀਆ ਇਹਨਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਹਮੇਸ਼ਾ ਤਿਆਰ ਰਹੇ। ਉਨਾਂ ਕਿਹਾ ਕਿ ਉਹ ਬਹਾਦਰ ਸਾਬਕਾ ਸੈਨਿਕਾਂ ਅਤੇ ਸੇਵਾ ਕਰਮਚਾਰੀਆਂ ਦੀ ਆਵਾਜ਼ ਬਣ ਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰ ਉਨ੍ਹਾਂ ਦੇ ਹਿੱਤਾਂ ਨੂੰ ਵਿਸ਼ੇਸ਼ ਤਰਜੀਹ ਦੇਵੇ, ਕਿਉਂ ਕਿ ਦੇਸ਼ ਨੂੰ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫਰਜ਼ ਹੈ।
ਸ ਢੇਸੀ ਦੀ ਨਿਯੁਕਤੀ ਤੇ ਪੰਜਾਬੀ ਸਭਿਆਚਾਰਕ ਕੌਂਸਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਸ ਹਰਜੀਤ ਸਿੰਘ ਗਰੇਵਾਲ, ਕੌਂਸਲਰ ਹਰਜਿੰਦਰ ਸਿੰਘ ਗਹੀਰ, ਕੌਂਸਲਰ ਬਾਲੀ ਗਿੱਲ, ਉੱਘੇ ਬਿਜਨਸਮੈਨ ਬੌਬੀ ਜੂਟਲਾ, ਸਾਬਕਾ ਮੇਅਰ ਸ ਜੋਗਿੰਦਰ ਸਿੰਘ ਬੱਲ, ਸਾਬਕਾ ਪ੍ਰਧਾਨ ਬਰਜਿੰਦਰ ਸਿੰਘ ਜੌਹਲ, ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ ਢੇਸੀ ਨੂੰ ਸੁਭ ਕਾਮਨਾਵਾਂ ਦਿੱਤੀਆਂ।




































