(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਜਥੇਦਾਰ ਕੁਲਦੀਪ ਸਿੰਘ ਭੋਗਲ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਪ੍ਰਧਾਨ ਨੇ ਪ੍ਰੈਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਅੱਜ ਨਵੰਬਰ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ ਦੀ ਸੁਪਰੀਮ ਕੋਰਟ ਅੰਦਰ ਜਨਹਿੱਤ ਪਟੀਸ਼ਨ ਰਿੱਟ ਨੰ. 45/47 ਉਪਰ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਦੁਆਰਾ ਸੁਣਵਾਈ ਕੀਤੀ ਗਈ। ਜਿਸ ਵਿੱਚ ਉੱਤਰ ਪ੍ਰਦੇਸ਼ ਸਰਕਾਰ ਨੇ ਮਾਣਯੋਗ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਅਪੀਲਾਂ ਦੀ ਸੁਣਵਾਈ ਇਲਾਹਾਬਾਦ ਹਾਈ ਕੋਰਟ ਵਿੱਚ ਸ਼ੁਰੂ ਹੋ ਗਈ ਹੈ ਅਤੇ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਕਾਨਪੁਰ ਵਿੱਚ ਹੋ ਰਹੀ ਹੈ।
ਅਦਾਲਤ ਵਲੋਂ ਕੀਤੀ ਗਈ ਸੁਣਵਾਈ ਉਪਰੰਤ ਇੰਨ੍ਹਾ ਮਾਮਲਿਆਂ ਨੂੰ ਤੇਜ਼ੀ ਨਾਲ ਨਿਪਟਾਉਣ ਲਈ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ । ਇਸ ਕੇਸ ਦੇ ਪਟੀਸ਼ਨਰ ਕੁਲਦੀਪ ਸਿੰਘ ਭੋਗਲ, ਪ੍ਰਸੂਨ ਕੁਮਾਰ ਐਡਵੋਕੇਟ ਸੁਪਰੀਮ ਕੋਰਟ ਅਤੇ ਐਡਵੋਕੇਟ ਗੁਰਬਖਸ਼ ਸਿੰਘ ਕਾਨਪੁਰ ਅਦਾਲਤ ਵਿੱਚ ਅਗਲੀ ਸੁਣਵਾਈ ਦੌਰਾਨ ਪੇਸ਼ ਹੋ ਕੇ ਕੇਸ ਦੀ ਸਫ਼ਾਈ ਲਈ ਆਪਣਾ ਪੱਖ ਰੱਖਣਗੇ। ਜਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦੇਸ਼ ਵਿਚ ਸਿੱਖਾਂ ਦੇ ਕਤਲੇਆਮ ਕੀਤੇ ਗਏ ਸਨ। ਦਿੱਲੀ ਵਿੱਚ ਹੋਏ ਕਤਲੇਆਮ ਕਾਰਨ ਸਿੱਖ ਭਾਈਚਾਰੇ ਦੇ ਜ਼ਿਆਦਾਤਰ ਲੋਕਾਂ ਦੀ ਜਾਨ ਚਲੀ ਗਈ। ਦਿੱਲੀ ਤੋਂ ਬਾਅਦ, ਉੱਤਰ ਪ੍ਰਦੇਸ਼ ਦਾ ਕਾਨਪੁਰ ਕਤਲੇਆਮ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਸੀ।
ਇੱਥੇ ਹੋਈ ਹਿੰਸਾ ਵਿੱਚ ਲਗਭਗ 127 ਸਿੱਖ ਮਾਰੇ ਗਏ ਸਨ। ਪੀੜਤਾਂ ਦਾ ਇਹ ਵੀ ਮੰਨਣਾ ਹੈ ਕਿ ਇਸ ਕਤਲੇਆਮ ਵਿੱਚ ਨਾ ਸਿਰਫ਼ 127 ਲੋਕ ਮਾਰੇ ਗਏ ਸਨ, ਸਗੋਂ 300 ਤੋਂ ਵੱਧ ਲੋਕ ਮਾਰੇ ਗਏ ਸਨ। ਸ਼ਹਿਰ ਦੇ ਬਜਾਰੀਆ, ਨਜੀਬਾਬਾਦ, ਪੀਪੀਐਨ ਮਾਰਕੀਟ ਸਮੇਤ ਕਈ ਇਲਾਕਿਆਂ ਵਿੱਚ ਸਿੱਖਾਂ ਵਿਰੁੱਧ ਹਿੰਸਾ ਹੋਈ। ਉਨ੍ਹਾਂ ਦੀਆਂ ਦੁਕਾਨਾਂ ਲੁੱਟ ਲਈਆਂ ਗਈਆਂ ਅਤੇ ਘਰਾਂ ਨੂੰ ਅੱਗ ਲਗਾ ਦਿੱਤੀ ਗਈ।