(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ।

ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਉੱਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ।

ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸਮੇਤ ਵਡੀ ਗਿਣਤੀ ਅੰਦਰ ਮੈਂਬਰ ਹਾਜ਼ਰ ਸਨ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version