ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਸਿਨੇਮਾ ਘਰਾਂ ਬਾਹਰ ਕੀਤਾ ਪ੍ਰਦਰਸ਼ਨ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਰੋਸ ਨੂੰ ਦੇਖਦਿਆਂ ਸਿਨੇਮਾ ਪ੍ਰਬੰਧਕਾਂ ਨੇ ਫਿਲਮ ਐਮਰਜੈਂਸੀ ਨੂੰ ਨਾ ਚਲਾਉਣ ਦਾ ਫੈਸਲਾ ਕੀਤਾ, ਜਿਸ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਦਰਸ਼ਨ ਸਮਾਪਤ ਕੀਤੇ ਗਏ। ਅੰਮ੍ਰਿਤਸਰ ਵਿਖੇ ਫਿਲਮ ਦੇ ਵਿਰੋਧ ਵਿੱਚ ਪੀਵੀਆਰ ਸਿਨੇਮਾ (ਸੂਰਜ ਚੰਦਾ ਤਾਰਾ), ਟਰੀਲੀਅਮ ਮਾਲ ਅਤੇ ਅਲਫਾ ਵਨ ਮਾਲ ਵਿਖੇ ਪ੍ਰਦਰਸ਼ਨ ਕੀਤੇ ਗਏ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕੀਤੀ।

ਇਸ ਮੌਕੇ ਗਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ ਫ਼ਿਲਮ ਵਿਚ ਸਿੱਖ ਕਿਰਦਾਰਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਇਤਰਾਜ਼ ਦਰਜ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਵੀ ਹੁਣ ਤੀਕ ਫ਼ਿਲਮ ਦੀ ਰੋਕ ਲਈ ਕੋਈ ਕਦਮ ਨਹੀਂ ਉਠਾਇਆ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਰੋਸ ਮਗਰੋਂ ਸਿਨੇਮਾ ਪ੍ਰਬੰਧਕਾਂ ਵੱਲੋਂ ਫਿਲਮ ਨਾ ਚਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ। ਸ. ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਫਿਲਮ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦੇਵੇਗੀ। ਜੇਕਰ ਕਿਸੇ ਨੇ ਫਿਲਮ ਚਲਾਉਣ ਦੀ ਕੋਸ਼ਿਸ ਕੀਤੀ ਤਾਂ ਸ਼੍ਰੋਮਣੀ ਕਮੇਟੀ ਮੁੜ ਪ੍ਰਦਰਸ਼ਨ ਕਰੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਕੋਈ ਵੀ ਸਿੱਖ ਵਿਰੋਧੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰਾਂ ਦੀ ਵੀ ਜ਼ੁੰਮੇਵਾਰੀ ਬਣਦੀ ਹੈ ਕਿ ਹਰ ਧਰਮ ਦੇ ਹਿੱਤਾਂ ਅਤੇ ਭਾਵਨਾਵਾਂ ਦਾ ਸਨਮਾਨ ਕੀਤਾ ਜਾਵੇ।

ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਅੰਦਰ ਇਸ ਫ਼ਿਲਮ ’ਤੇ ਰੋਕ ਲਗਾਉਣ ਲਈ ਕਿਹਾ ਸੀ, ਪਰ ਤਰਾਸਦੀ ਇਹ ਹੈ ਕਿ ਪੰਜਾਬ ਦੀ ਆਪ ਸਰਕਾਰ ਸਿੱਖ ਮਸਲਿਆਂ ਨੂੰ ਜਾਣਬੁਝ ਕੇ ਅਣਗੌਲਿਆਂ ਕਰ ਰਹੀ ਹੈ। ਇਹ ਸੂਬੇ ਦੇ ਹਿੱਤ ਵਿਚ ਨਹੀਂ ਹੈ।

ਅੰਮ੍ਰਿਤਸਰ ਵਿਖੇ ਪ੍ਰਦਰਸ਼ਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਤਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਪ੍ਰੋ. ਸੁਖਦੇਵ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ ਅਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਮੌਜੂਦ ਸੀ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version