(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਹੋਈ ਸਜ਼ਾ ਦਾ ਸਵਾਗਤ ਕੀਤਾ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਫੈਸਲੇ ਨਾਲ ਚਾਰ ਦਹਾਕਿਆਂ ਤੋਂ ਇਨਸਾਫ਼ ਦੀ ਆਸ ਵਿਚ ਬੈਠੇ ਪੀੜਤ ਪਰਿਵਾਰਾਂ ਨੂੰ ਕੁਝ ਹੱਦ ਤੱਕ ਧਰਵਾਸ ਮਿਲੇਗਾ। ਉਨ੍ਹਾਂ ਕਿਹਾ ਕਿ 1984 ’ਚ ਹਜ਼ਾਰਾਂ ਸਿੱਖਾਂ ਦਾ ਵਹਿਸ਼ੀਆਣਾ ਤਰੀਕੇ ਨਾਲ ਕਤਲ ਕੀਤਾ ਗਿਆ। ਇਸ ਕਤਲੇਆਮ ਦੀ ਅਗਵਾਈ ਸੱਜਣ ਕੁਮਾਰ ਅਤੇ ਜਗਦੀਸ਼ ਟਾਇਟਲਰ ਜਿਹੇ ਲੋਕਾਂ ਨੇ ਕੀਤੀ, ਜਿਨ੍ਹਾਂ ਦੀ ਕਾਂਗਰਸ ਹਮੇਸ਼ਾ ਪੁਸ਼ਤਪਨਾਹੀ ਕਰਦੀ ਰਹੀ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਦੇ ਇਨਸਾਫ਼ ਲਈ ਪੀੜਤਾਂ ਨੇ 40 ਸਾਲ ਤੋਂ ਵੱਧ ਕਾਨੂੰਨੀ ਲੜਾਈ ਲੜੀ। ਉਨ੍ਹਾਂ ਕਿਹਾ ਕਿ ਆਸ ਸੀ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਵੇਗੀ, ਪਰ ਉਮਰ ਕੈਦ ਦੀ ਸਜ਼ਾ ਸੁਣਾਈ ਗਈ, ਜੋ ਦੋਸ਼ੀਆਂ ਦੇ ਜ਼ੁਲਮਾਂ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਲਈ ਅੱਗੇ ਵੀ ਕਾਨੂੰਨੀ ਲੜਾਈ ਜਾਰੀ ਰੱਖੇਗੀ।

ਸ. ਮੰਨਣ ਨੇ ਸੱਜਣ ਕੁਮਾਰ ਅਤੇ ਸਿੱਖ ਕਤਲੇਆਮ ਦੇ ਹੋਰ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਨ ਵਾਲੀ ਕਾਂਗਰਸ ਲੀਡਰਸ਼ਿਪ ’ਤੇ ਸਵਾਲ ਕਰਦਿਆਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਉੱਚ ਅਹੁਦੇ ਦੇ ਕੇ ਉਨ੍ਹਾਂ ਨੂੰ ਸਜ਼ਾਵਾਂ ਤੋਂ ਬਚਾਉਣ ਦਾ ਯਤਨ ਕਰਨ ਵਾਲਿਆਂ ਦੀ ਭੂਮਿਕਾ ਬਾਰੇ ਵੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਇਨ੍ਹਾਂ ਦੋਸ਼ੀਆਂ ਨੂੰ ਵੀ ਸਖ਼ਤ ਸਜ਼ਾਵਾਂ ਮਿਲ ਸਕਣ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version