(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਹਲਕਾ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤਹਿਤ ਪ੍ਰਚਾਰਕ ਜਥੇ ਹਰ ਪਿੰਡ ਵਿਚ ਜਾ ਕੇ ਸਿੱਖੀ ਦਾ ਪ੍ਰਚਾਰ ਕਰਨਗੇ ਅਤੇ ਹਲਕੇ ਵਿਚ ਹੋਣ ਵਾਲੇ ਅੰਮ੍ਰਿਤ ਸੰਚਾਰ ਲਈ ਸੰਗਤਾਂ ਨੂੰ ਤਿਆਰ ਕਰਨਗੇ। ਇਹ ਗੁਰਮਤਿ ਪ੍ਰਚਾਰ ਵਹੀਰ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਹੋਵੇਗੀ।

ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਸ ਨੂੰ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਸਾਲ ਸਤੰਬਰ ਮਹੀਨੇ ਵਿਚ ਚੌਥੇ ਪਾਤਸ਼ਾਹ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਤੀਜੇ ਪਾਤਸ਼ਾਹ ਜੀ ਦਾ 450 ਜੋਤੀ ਜੋਤਿ ਦਿਹਾੜਾ ਸਿੱਖ ਕੌਮ ਵੱਲੋਂ ਕੌਮੀ ਜਾਹੋ-ਜਲਾਲ ਨਾਲ ਮਨਾਏ ਜਾਣਗੇ। ਇਸ ਸਬੰਧ ਵਿਚ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਪੂਰੇ ਪੰਜਾਬ ਵਿਚ ਤੇਜ਼ ਕੀਤੀ ਜਾਵੇਗੀ।

ਹਲਕਾ ਪੱਧਰ ’ਤੇ ਸਮਾਗਮ ਉਲੀਕ ਕੇ ਅੰਮ੍ਰਿਤ ਸੰਚਾਰ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸ਼ਤਾਬਦੀਆਂ ਦੇ ਸਬੰਧ ਵਿਚ 13 ਅਤੇ 14 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਣਗੇ, ਜਦਕਿ ਸ੍ਰੀ ਗੋਇੰਦਵਾਲ ਸਾਹਿਬ ਵਿਖੇ 15 ਤੋਂ 18 ਸਤੰਬਰ ਤੱਕ ਗੁਰਮਤਿ ਸਮਾਗਮ ਆਯੋਜਤ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਇਸ ਤੋਂ ਪਹਿਲਾਂ ਧਰਮ ਪ੍ਰਚਾਰ ਲਹਿਰ ਨੂੰ ਯੋਜਨਾਬੱਧ ਢੰਗ ਨਾਲ ਸਰਗਰਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪਹਿਲਾਂ ਹੀ ਜ਼ਿਲ੍ਹਾ ਤਰਨ ਤਾਰਨ, ਅੰਮ੍ਰਿਤਸਰ ਅਤੇ ਕਪੂਰਥਲਾ ਦੇ ਪਿੰਡਾਂ ਵਿਚ ਪ੍ਰਚਾਰਕ ਜਥੇ ਕਾਰਜਸ਼ੀਲ ਹਨ, ਜਦਕਿ ਹੁਣ ਪੂਰੇ ਪੰਜਾਬ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਸਮਾਗਮ ਅਤੇ ਨਗਰ ਕੀਰਤਨ ਸਜਾਉਣ ਦਾ ਵੀ ਪ੍ਰੋਗਰਾਮ ਹੈ।

ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲੇ ਵੀ ਵਿਚਾਰੇ ਗਏ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸੁਖਚੈਨ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੇ ਨੌਜੁਆਨ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਦੀਪ ਕੌਰ ਖੋਖ ਦੇ ਜਵਾਈ ਭਾਈ ਮਨਜੋਤ ਸਿੰਘ ਦੇ ਅਕਾਲ ਚਲਾਣੇ ਸ਼ੋਕ ਮਤੇ ਪਾਸ ਕਰਦਿਆਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਭੇਟ ਕੀਤੀ ਗਈ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਬੀਬੀ ਮਲਕੀਤ ਕੌਰ ਕਮਾਲਪੁਰ ਸਮੇਤ ਹੋਰ ਵੀਂ ਸ਼ਾਮਲ ਸਨ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version