ਮਨਪ੍ਰੀਤ ਸਿੰਘ ਖਾਲਸਾ।
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿੱਖ ਮਿਸ਼ਨ ਦਿੱਲੀ ਵੱਲੋਂ ਦਿੱਲੀ ਪ੍ਰਦੇਸ਼ ਵਿੱਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਕੀਤੀ ਗਈ ਹੈ। ਇਸ ਤਹਿਤ ਦਿੱਲੀ ਦੀਆਂ 10 ਤੋਂ ਵੱਧ ਸਿੰਘ ਸਭਾਵਾਂ ਵਿੱਚ ਕਥਾ ਅਤੇ ਗੁਰਮਤਿ ਪ੍ਰਚਾਰ ਸਮਾਗਮ ਕਰਵਾਏ ਜਾਣਗੇ। ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਭਾਈ ਜਸਵੀਰ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਸਤਬੀਰ ਸਿੰਘ ਓ.ਐਸ.ਡੀ. ਅਤੇ ਸ. ਭਗਵੰਤ ਸਿੰਘ ਧੰਗੇੜਾ, ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ. ਪਰਮਜੀਤ ਸਿੰਘ ਸਰਨਾ ਤੇ ਸ. ਮਨਜੀਤ ਸਿੰਘ ਜੀ.ਕੇ. ਦੇ ਵਿਸ਼ੇਸ਼ ਸਹਿਯੋਗ ਨਾਲ ਇਹ ਪ੍ਰਚਾਰ ਲੜੀ ਚਲਾਈ ਜਾ ਰਹੀ ਹੈ।
ਇਸੇ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਾਂਡਵ ਨਗਰ, ਟੈਗੋਰ ਗਾਰਡਨ ਅਤੇ ਰਾਣੀਬਾਗ ਵਿਖੇ ਗੁਰਮਤਿ ਸਿਖਲਾਈ ਕੈਂਪ ਵੀ ਲਗਾਏ ਜਾਣਗੇ, ਜਿਨ੍ਹਾਂ ਵਿੱਚ ਸਿੱਖਿਆਰਥੀਆਂ ਨੂੰ ਗੁਰਬਾਣੀ ਸੰਥਿਆ, ਗੁਰਮੁਖੀ ਲਿਪੀ, ਸਿੱਖ ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਮਤਿ ਪ੍ਰਚਾਰ ਦੀ ਇਹ ਲੜੀ ਹਰ ਮਹੀਨੇ ਨਿਰੰਤਰ ਜਾਰੀ ਰੱਖੀ ਜਾਵੇਗੀ। ਇਸ ਮੌਕੇ ਭਾਈ ਸੁਖਵੀਰ ਸਿੰਘ ਫਲੌਂਡ, ਭਾਈ ਕਮਲਪ੍ਰੀਤ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਰਣਜੋਤ ਸਿੰਘ, ਭਾਈ ਨਰਿੰਦਰ ਸਿੰਘ ਅਤੇ ਭਾਈ ਪਰਮਿੰਦਰਪਾਲ ਸਿੰਘ ਸਮੇਤ ਪ੍ਰਚਾਰਕ ਸਿੰਘ ਹਾਜ਼ਰ ਸਨ।



































