(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਬੀਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਲਿਆ।

ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ। ਉਨ੍ਹਾਂ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version