ਉੱਮੀਦ ਹੈ ਕਿ ਹੁਣ ਮਨਜਿੰਦਰ ਸਿੰਘ ਸਿਰਸਾ ਦੇ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਹਿਮ ਭੂਮਿਕਾ ਨਿਭਾਉਣਗੇ
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਦਿੱਲੀ ਦੀ ਨਿਯੁਕਤ ਹੋਈ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ 11 ਸਾਲਾਂ ਬਾਅਦ ਦਿੱਲੀ ਸਰਕਾਰ ਦੀ ਕੈਬਨਿਟ ਵਿੱਚ ਕਿਸੇ ਸਿੱਖ ਆਗੂ ਨੂੰ ਸ਼ਾਮਲ ਕੀਤਾ ਗਿਆ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਕਾਰਨ ਸਿੱਖ ਕੌਮ ਵਿੱਚ ਭਾਰੀ ਉਤਸ਼ਾਹ ਹੈ। ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਦਿੱਲੀ ਵਿੱਚ ਪਿਛਲੇ 11 ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੀ ਪਰ ਇਸ ਦੌਰਾਨ ਕਿਸੇ ਵੀ ਸਿੱਖ ਵਿਧਾਇਕ ਨੂੰ ਮੰਤਰੀ ਦਾ ਅਹੁਦਾ ਨਹੀਂ ਦਿੱਤਾ ਗਿਆ।
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੋਵੇ ਜਾਂ ਉਨ੍ਹਾਂ ਦੀ ਕੈਬਨਿਟ ਸਹਿਯੋਗੀ ਆਤਿਸ਼ੀ ਮਾਰਲੇਨਾ, ਕਿਸੇ ਨੇ ਵੀ ਸਿੱਖ ਕੌਮ ਨੂੰ ਢੁੱਕਵੀਂ ਨੁਮਾਇੰਦਗੀ ਨਹੀਂ ਦਿੱਤੀ, ਭਾਵੇਂ ਉਨ੍ਹਾਂ ਦੀ ਪਾਰਟੀ ਵਿੱਚ ਕਈ ਸਿੱਖ ਵਿਧਾਇਕ ਮੌਜੂਦ ਸਨ। ਜਿਸ ਕਾਰਨ ਸਿੱਖ ਕੌਮ ਵਿੱਚ ਭਾਰੀ ਰੋਸ ਹੈ। 11 ਸਾਲ ਪਹਿਲਾਂ ਸ਼ੀਲਾ ਦੀਕਸ਼ਿਤ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇੱਕ ਸਿੱਖ ਮੰਤਰੀ ਨਿਯੁਕਤ ਕੀਤਾ ਸੀ, ਜਿਸ ਤੋਂ ਬਾਅਦ ਪਹਿਲੀ ਵਾਰ ਸਿੱਖਾਂ ਨੂੰ ਮੁੜ ਸਰਕਾਰ ਵਿੱਚ ਨੁਮਾਇੰਦਗੀ ਮਿਲੀ ਹੈ।
ਪਰਮਜੀਤ ਸਿੰਘ ਪੰਮਾ ਨੇ ਆਸ ਪ੍ਰਗਟਾਈ ਕਿ ਮਨਜਿੰਦਰ ਸਿੰਘ ਸਿਰਸਾ ਦੇ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਹਿਮ ਭੂਮਿਕਾ ਨਿਭਾਉਣਗੇ। ਵਿਸ਼ੇਸ਼ ਤੌਰ ‘ਤੇ ਦਿੱਲੀ ਦੇ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਨੂੰ ਲਾਜ਼ਮੀ ਬਣਾਉਣ ਅਤੇ ਪੰਜਾਬੀ ਅਧਿਆਪਕਾਂ ਦੀ ਨਿਯੁਕਤੀ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸਿੱਖ ਇਤਿਹਾਸ ਅਤੇ ਸੱਭਿਆਚਾਰ ਬਾਰੇ ਡੂੰਘੀ ਜਾਣਕਾਰੀ ਹਾਸਲ ਕਰ ਸਕਣ। ਪਰਮਜੀਤ ਸਿੰਘ ਪੰਮਾ ਨੇ ਅਪੀਲ ਕੀਤੀ ਕਿ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਲਈ ਦਿੱਲੀ ਸਰਕਾਰ ਤੋਂ ਵਿਸ਼ੇਸ਼ ਪੈਕੇਜ ਲਿਆਉਣ ਲਈ ਯਤਨ ਕਰਨੇ ਚਾਹੀਦੇ ਹਨ, ਤਾਂ ਜੋ ਉਨ੍ਹਾਂ ਨੂੰ ਯੋਗ ਆਰਥਿਕ ਅਤੇ ਸਮਾਜਿਕ ਸਹਾਇਤਾ ਮਿਲ ਸਕੇ।
ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਉਣ ਲਈ ਲੋੜੀਂਦੇ ਕਾਨੂੰਨੀ ਕਦਮ ਚੁੱਕੇ ਜਾਣ। ਸਿੱਖ ਭਾਈਚਾਰੇ ਨੇ ਇਸ ਫੈਸਲੇ ਦਾ ਸੁਆਗਤ ਕੀਤਾ ਹੈ ਅਤੇ ਇਸ ਨੂੰ ਸਿੱਖ ਕੌਮ ਲਈ ਇਨਸਾਫ਼ ਅਤੇ ਸਨਮਾਨ ਪ੍ਰਤੀ ਅਹਿਮ ਪਹਿਲ ਕਰਾਰ ਦਿੱਤਾ ਗਿਆ ਹੈ। ਇਹ ਨਿਯੁਕਤੀ ਨਾ ਸਿਰਫ਼ ਸਿੱਖ ਕੌਮ ਦੀਆਂ ਆਸਾਂ ਪੂਰੀਆਂ ਕਰੇਗੀ ਸਗੋਂ ਦਿੱਲੀ ਦੀ ਬਹੁ-ਸੱਭਿਆਚਾਰਕ ਪਛਾਣ ਨੂੰ ਵੀ ਮਜ਼ਬੂਤ ਕਰੇਗੀ। ਮਨਜਿੰਦਰ ਸਿੰਘ ਸਿਰਸਾ ਦਾ ਮੰਤਰੀ ਬਣਨਾ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨਾਲ ਸਰਕਾਰ ਵਿੱਚ ਸਿੱਖਾਂ ਦੀ ਸ਼ਮੂਲੀਅਤ ਨੂੰ ਇੱਕ ਨਵੀਂ ਦਿਸ਼ਾ ਮਿਲੇਗੀ।