(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਹਿਜ ਪਾਠਾਂ ਦੀ ਲੜੀ ਆਰੰਭ ਕੀਤੀ ਜਾਵੇਗੀ ਜਿਹਨਾਂ ਦੇ ਭੋਗ ਸ਼ਹੀਦੀ ਦਿਹਾੜੇ ਵਾਲੇ ਦਿਨ ਪਾਏ ਜਾਣਗੇ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹਨਾਂ ਸਹਿਜ ਪਾਠਾਂ ਵਾਸਤੇ ਰਜਿਸਟਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਤੇ ਇਸਤਰੀ ਸਤਿਸੰਗ ਸੁਸਾਇਟੀ ਦੀਆਂ ਮੈਂਬਰ ਬੀਬੀਆਂ, ਸਿੰਘ ਸਭਾਵਾਂ ਤੇ ਸਿੱਖ ਸਮਾਜ ਦੇ ਸਾਰੇ ਮੈਂਬਰ ਇਹਨਾਂ ਸਹਿਜ ਪਾਠਾਂ ਵਾਸਤੇ ਆਪਣੀ ਰਜਿਸਟਰੇਸ਼ਨ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਕੋਲ ਕਰਵਾਉਣ।
ਉਹਨਾਂ ਦੱਸਿਆ ਕਿ ਸਹਿਜ ਪਾਠਾਂ ਦੀ ਆਰੰਭਤਾ 15 ਅਪ੍ਰੈਲ ਨੂੰ ਕੀਤੀ ਜਾਵੇਗੀ ਜਿਹਨਾਂ ਦੀ ਸੰਪੂਰਨਾ 25 ਨਵੰਬਰ ਨੂੰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ’ਤੇ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਦਿਨ ਗੁਰਦੁਆਰਾ ਸੀਸਗੰਜ ਸਾਹਿਬ ਵਿਚ ਬਹੁਤ ਵੱਡਾ ਸਮਾਗਮ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਮਾਗਮ ਦਾ ਦੁਨੀਆਂ ਭਰ ਵਿਚ ਲਾਈਵ ਪ੍ਰਸਾਰਣ ਕੀਤਾ ਜਾਵੇਗਾ ਤਾਂ ਜੋ ਦੁਨੀਆਂ ਭਰ ਵਿਚ ਕਰੋੜਾਂ ਲੋਕਾਂ ਨੂੰ ਪਤਾ ਲੱਗ ਸਕੇ ਕਿ ਅਸੀਂ ਕਿਵੇਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਾਂ। ਉਹਨਾਂ ਕਿਹਾ ਕਿ ਜਿਹਨਾਂ ਸੰਗਤਾਂ ਨੂੰ ਘਰ ਵਿਚ ਸੈਂਚੀਆਂ ਦੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਜ਼ਰੂਰਤ ਹੈ, ਕਮੇਟੀ ਵੱਲੋਂ ਉਹ ਸਰੂਪ ਉਪਲਬਧ ਕਰਵਾਏ ਜਾਣਗੇ।
ਇਸ ਮੌਕੇ ਰਾਜ ਸਭਾ ਮੈਂਬਰ ਸਰਦਾਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਅਸੀਂ ਸਾਢੇ 3.5 ਲੱਖ ਸਹਿਜ ਪਾਠ ਕਰਵਾਉਣ ਦਾ ਟੀਚਾ ਰੱਖਿਆ ਹੈ। ਉਹਨਾਂ ਦੱਸਿਆ ਕਿ ਸਾਡੇ ਕੋਲ 220 ਦਿਨ ਬਣਦੇ ਹਨ ਤੇ ਰੋਜ਼ਾਨਾ ਸੰਗਤਾਂ 10 ਅੰਗ ਪਾਠ ਕਰਨ ਤਾਂ ਅਸੀਂ ਸਾਢੇ 3 ਲੱਖ ਸਹਿਜ ਪਾਠਾਂ ਦਾ ਟੀਚਾ ਪੂਰਾ ਕਰਾਂਗੇ। ਸਰਦਾਰ ਕਾਲਕਾ, ਸਰਦਾਰ ਕਾਹਲੋਂ ਅਤੇ ਸਰਦਾਰ ਕਰਮਸਰ ਨੇ ਦੱਸਿਆ ਕਿ ਇਸ ਸਾਰੀ ਮੁਹਿੰਮ ਵਿਚ ਸਰਦਾਰ ਜੇ ਐਸ ਉੱਪਲ, ਸਰਦਾਰ ਵਿਕਰਮਜੀਤ ਸਿੰਘ ਸਾਹਨੀ ਮੈਂਬਰ ਰਾਜ ਸਭਾ ਅਤੇ ਸਰਦਾਰ ਰਸ਼ਵੰਤ ਸਿੰਘ ਦਾ ਵਿਸ਼ੇਸ਼ ਸਹਿਯੋਗ ਮਿਲ ਰਿਹਾ ਹੈ।