(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਭਕਾ ਸਾਥ ਤੇ ਸਭਕਾ ਵਿਕਾਸ ਦੇ ਨਾਅਰੇ ’ਤੇ ਚਲਦਿਆਂ ਕੇਂਦਰ ਸਰਕਾਰ ਦੇ ਘੱਟ ਗਿਣਤੀ ਮੰਤਰਾਲੇ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਰਲ ਕੇ ਕੌਮੀ ਰਾਜਧਾਨੀ ਵਿਚ ਨੌਜਵਾਨਾਂ ਨੂੰ ਮੁਹਾਰਤੀ ਸਿੱਖਿਆ ਦੇਣ ਦੇ ਵੱਡੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਿਸ ਤਹਿਤ 31600 ਨੌਜਵਾਨਾਂ ਨੂੰ ਮੁਹਾਰਤੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।
ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਇਸ ਬਾਬਤ ਕੌਮੀ ਘੱਟ ਗਿਣਤੀ ਮੰਤਰਾਲੇ ਤੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 100 ਕਰੋੜ ਰੁਪਏ ਦੀ ਇਸ ਪਹਿਲਕਦਮੀ ਵਾਸਤੇ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਪਹਿਲਕਦਮੀ ਦਾ ਮਕਸਦ ਨੌਜਵਾਨਾਂ ਨੂੰ ਮੁਹਾਰਤੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪੋ ਆਪਣੇ ਖੇਤਰਾਂ ਵਿਚ ਸਫਲ ਉਦਮੀ ਬਣ ਸਕਣ। ਸ਼ੁਰੂਆਤੀ ਦੌਰ ਵਿਚ 29600 ਨੌਜਵਾਨਾਂ ਨੂੰ ਮੁਹਾਰਤੀ ਸਿੱਖਿਆਤ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਅਤੇ 2000 ਨੌਜਵਾਨਾਂ ਨੂੰ ਸਕੀਮ ਤਹਿਤ ਸਿੱਖਿਆ ਵਾਸਤੇ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਇਸ ਮੌਕੇ ਕੇਂਦਰ ਸਰਕਾਰ ਦੇ ਘੱਟ ਗਿਣਤੀ ਮੰਤਰਾਲੇ ਦੇ ਮੰਤਰੀ ਸ੍ਰੀ ਕਿਰਨ ਰਿਜਜੂ, ਦਿੱਲੀ ਦੇ ਉਦਯੋਗ ਮੰਤਰੀ ਸਰਦਾਰ ਮਨਜਿੰਦਰ ਸਿੰਘ ਸਿਰਸਾ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਮੀਤ ਪ੍ਰਧਾਨ ਸਰਦਾਰ ਆਤਮਾ ਸਿੰਘ ਲੁਬਾਣਾ, ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।
ਇਸ ਮੌਕੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਦਿੱਲੀ ਤੇ ਹੋਰ ਖੇਤਰਾਂ ਦੇ ਨੌਜਵਾਨਾਂ ਨੂੰ ਸਿੱਖਿਆ ਤੇ ਹੁਨਰ ਪ੍ਰਦਾਨ ਕਰਨ ਵੱਲ ਇਤਿਹਾਸਕ ਪਹਿਲਕਦਮੀ ਹੈ। ਉਹਨਾਂ ਕਿਹਾ ਕਿ ਜੋ ਵੀ ਹੁਨਰ ਕਲਾ ਸਿੱਖਣੀ ਚਾਹੁੰਦੇ ਹਨ, ਉਹਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਾਸਤੇ ਅਸੀਂ ਵਚਨਬੱਧ ਹਾਂ ਤਾਂ ਜੋ ਵਿੱਤੀ ਔਕੜਾਂ ਕਾਰਣ ਕਿਸੇ ਨੂੰ ਵੀ ਰੁਕਾਵਟਾਂ ਦਾ ਸਾਹਮਣਾ ਨਾ ਕਰਨਾ ਪਵੇਗਾ। ਉਹਨਾਂ ਕਿਹਾ ਕਿ ਸਿਰਫ ਦਿੱਲੀ ਹੀ ਨਹੀਂ ਬਲਕਿ ਦੇਸ਼ ਭਰ ਜਿਥੇ ਕਿਤੇ ਵੀ ਨੌਜਵਾਨਾਂ ਨੂੰ ਮੁਹਾਰਤੀ ਸਿੱਖਿਆ ਜਾਂ ਹੁਨਰ ਸਿੱਖਣ ਦੀ ਜ਼ਰੂਰਤ ਹੈ, ਅਸੀਂ ਹਰ ਕਿਸਮ ਦੀ ਮਦਦ ਪ੍ਰਦਾਨ ਕਰਾਂਗੇ। ਕੇਂਦਰੀ ਮੰਤਰੀ ਸ੍ਰੀ ਕਿਰਨ ਰਿਜਜੂ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਹੁਨਰ ਪ੍ਰਦਾਨ ਕਰ ਕੇ ਰੋਜ਼ਗਾਰ ਸਿਰਜਣਾ ਚਾਹੁੰਦੀ ਹੈ।
ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਵਿੱਤੀ ਮਦਦ ਪ੍ਰਦਾਨ ਕੀਤੀ ਜਾਂਦੀ ਹੈ ਤੇ ਇਸ ਸਕੀਮ ਦਾ ਮਕਸਦ ਹਰ ਖੇਤਰ ਵਿਚ ਕੰਮ ਕਰਨ ਵਾਲੇ ਨੌਜਵਾਨਾਂ ਵਾਸਤੇ ਰੋਜ਼ਗਾਰ ਸਿਰਜਣਾ ਹੈ। ਉਹਨਾਂ ਕਿਹਾ ਕਿ ਸਕੀਮ ਤਹਿਤ ਕੇਂਦਰ ਸਰਕਾਰ ਦੇਸ਼ ਦੇ ਹਰ ਭਾਗ ਵਿਚ ਵਿਦਿਆਰਥੀਆਂ ਤੱਕ ਪਹੁੰਚ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਸ਼ੁਰੂਆਤ ਦੌਰ ਵਿਚ ਅਸੀਂ 31600 ਨੌਜਵਾਨਾਂ ਨੂੰ ਮੁਹਾਰਤੀ ਸਿੱਖਿਆ ਪ੍ਰਦਾਨ ਕਰਾਂਗੇ ਤੇ ਫਿਰ ਸਕੀਮ ਦਾ ਵਿਸਥਾਰ ਕਰਾਂਗੇ।
ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਮੀਤ ਪ੍ਰਧਾਨ ਸਰਦਾਰ ਆਤਮਾ ਸਿੰਘ ਲੁਬਾਣਾ ਤੇ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਹੁਨਰਮੰਦ ਸਿੱਖਿਆ ਪ੍ਰਦਾਨ ਕਰਨਾ ਮੋਦੀ ਸਰਕਾਰ ਦੀ ਵੱਡੀ ਪਹਿਲਕਦਮੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਇਸ ਪਹਿਲਕਦਮੀ ਵਿਚ ਦੇਸ਼ ਦੀ ਸਰਕਾਰ ਦੇ ਨਾਲ ਮਿਲ ਕੇ ਨੌਜਵਾਨਾਂ ਨੂੰ ਮੁਹਾਰਤੀ ਸਿੱਖਿਆ ਪ੍ਰਦਾਨ ਕਰਨ ਲਈ ਪ੍ਰਾਜੈਕਟ ਦਾ ਹਿੱਸਾ ਬਣੀ ਹੈ।
ਉਹਨਾਂ ਨੇ ਕੇਂਦਰ ਸਰਕਾਰ ਨੂੰ ਭਰੋਸਾ ਦੁਆਇਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਨੌਜਵਾਨਾਂ ਤੇ ਆਮ ਨਾਗਰਿਕਾਂ ਦੀ ਭਲਾਈ ਵਾਸਤੇ ਕੇਂਦਰ ਸਰਕਾਰ ਨੂੰ ਹਰ ਕਿਸਮ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਹੋਰ ਅਹੁਦੇਦਾਰ ਤੇ ਮੈਂਬਰਾਂ ਤੋਂ ਇਲਾਵਾ ਸਮਾਜ ਦੇ ਵੱਖ-ਵੱਖ ਖੇਤਰਾਂ ਤੋਂ ਸ਼ਖਸੀਅਤਾਂ ਹਾਜ਼ਰ ਸਨ।