1984 ਦੀ ਸਿੱਖ ਨਸਲਕੁਸ਼ੀ ਦੌਰਾਨ ਇਨ੍ਹਾਂ ਲੋਕਾਂ ਦੇ ਇਸ਼ਾਰੇ ‘ਤੇ ਗੁਰਦੁਆਰਿਆਂ ਨੂੰ ਅੱਗ ਲਗਾਈ ਗਈ, ਮਾਵਾਂ-ਭੈਣਾਂ ਦੀ ਇੱਜ਼ਤ ਨਾਲ ਖਿਲਵਾੜ ਕੀਤਾ ਗਿਆ
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਚੇਅਰਮੈਨ ਜੱਥੇਦਾਰ ਕੁਲਦੀਪ ਸਿੰਘ ਭੋਗਲ, ਗੁਰਦੇਵ ਸਿੰਘ ਗੁਜਰਾਲ, ਸੀਨੀਅਰ ਮੀਤ ਪ੍ਰਧਾਨ, ਰਵਿੰਦਰ ਸਿੰਘ ਖੁਰਾਣਾ, ਜਨਰਲ ਸਕੱਤਰ ਨੇ ਪ੍ਰੈਸ ਨੂੰ ਦਿੱਤੇ ਸਾਂਝੇ ਬਿਆਨ ਵਿੱਚ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ ਜਸਵੰਤ ਸਿੰਘ ਅਤੇ ਉਸ ਨੇ ਤਰਨਦੀਪ ਸਿੰਘ ਨੂੰ ਕਤਲ ਦਾ ਦੋਸ਼ੀ ਠਹਿਰਾਇਆ ਅਤੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸੱਜਣ ਕੁਮਾਰ ਨੂੰ ਮਾਣਯੋਗ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਕਾਂਗਰਸ ਦੇ ਇਸ਼ਾਰੇ ‘ਤੇ ਇਹ ਕਤਲੇਆਮ ਕਰਵਾਇਆ ਸੀ। ਇਸ ਤੋਂ ਇਲਾਵਾ 1984 ਦੀ ਸਿੱਖ ਨਸਲਕੁਸ਼ੀ ਦੌਰਾਨ ਇਨ੍ਹਾਂ ਲੋਕਾਂ ਦੇ ਇਸ਼ਾਰੇ ‘ਤੇ ਗੁਰਦੁਆਰਿਆਂ ਨੂੰ ਅੱਗ ਲਾ ਦਿੱਤੀ ਗਈ, ਲੋਕਾਂ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ ਗਿਆ, ਮਾਵਾਂ-ਭੈਣਾਂ ਦੀ ਇੱਜ਼ਤ ਨਾਲ ਖਿਲਵਾੜ ਕੀਤਾ ਗਿਆ, ਬੱਚਿਆਂ ਅਤੇ ਬਜ਼ੁਰਗਾਂ ਨੂੰ ਜਿਊਂਦੇ ਹੀ ਸਾੜ ਦਿੱਤਾ ਗਿਆ ਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।
ਜਥੇਦਾਰ ਜੁਲਦੀਪ ਸਿੰਘ ਭੋਗਲ ਨੇ ਕਿਹਾ ਕਿ ਅਸੀਂ ਹਮੇਸ਼ਾ ਇਹ ਮੰਗ ਕਰਦੇ ਆ ਰਹੇ ਸੀ ਕਿ ਏਨੇ ਵੱਡੇ ਕਤਲੇਆਮ ਦੇ ਮੁੱਖ ਦੋਸ਼ੀਆਂ ਵਿੱਚੋਂ ਇੱਕ ਸੱਜਣ ਕੁਮਾਰ ਨੂੰ ਘੱਟੋ-ਘੱਟ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਪਰ ਮਾਣਯੋਗ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਸ ਨੂੰ ਫਾਂਸੀ ਨਹੀਂ ਦਿੱਤੀ ਜਾਂਦੀ।