(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਬੀਤੇ ਦਿਨ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਗਏ ਸ਼ਾਂਤਮਈ ਮਾਰਚ ਨੂੰ ਬੇਰਹਿਮੀ ਨਾਲ ਦਬਾਉਣ ਲਈ ਅਖੰਡ ਕੀਰਤਨੀ ਜੱਥਾ (ਦਿੱਲੀ) ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਸਖ਼ਤ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਮੋਹਾਲੀ ਵਿੱਚ ਲੱਗੇ ਮੋਰਚੇ ਉੱਤੇ ਵੀ ਹਮਲਾ ਕੀਤਾ ਗਿਆ ਅਤੇ ਜਿੱਥੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੀ ਉੱਥੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ, ਜੋ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਘੋਰ ਨਿਰਾਦਰੀ ਨੂੰ ਦਰਸਾਉਂਦਾ ਹੈ। ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਲਾਠੀਚਾਰਜ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਜਿਹੀਆਂ ਕਾਰਵਾਈਆਂ ਕਰਕੇ ਸਰਕਾਰ ਵੱਲੋਂ ਸਿੱਖਾਂ ਉੱਤੇ ਸਿੱਧਾ ਹਮਲਾ ਕੀਤਾ ਹੈ ਤੇ ਇਹ ਕਾਰਵਾਈ ਸਰਕਾਰ ਦੇ ਸਿੱਖ ਵਿਰੋਧੀ ਅਤੇ ਤਾਨਾਸ਼ਾਹੀ ਪ੍ਰਵਿਰਤੀ ਨੂੰ ਉਜਾਗਰ ਕਰਦੀ ਹੈ।
ਭਗਵੰਤ ਮਾਨ ਸਰਕਾਰ ਵੱਲੋਂ ਸ਼ਾਂਤਮਈ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਕੀਤੀਆਂ ਗਈਆਂ ਕਾਰਵਾਈਆਂ ਗੈਰ-ਜਮਹੂਰੀ ਅਤੇ ਮੌਲਿਕ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਜਮਹੂਰੀਅਤ ਵਿੱਚ, ਹਰੇਕ ਵਿਅਕਤੀ ਅਤੇ ਭਾਈਚਾਰੇ ਨੂੰ ਜਬਰ ਜਾਂ ਹਿੰਸਾ ਦੇ ਡਰ ਤੋਂ ਬਿਨਾਂ ਵਿਰੋਧ ਕਰਨ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦਾ ਅਧਿਕਾਰ ਹੰਦਾ ਹੈ। ਸਰਕਾਰ ਵੱਲੋਂ ਮਾਰਚ ਵਿੱਚ ਆਉਣ ਲਈ ਸਿੱਖਾਂ ਉੱਤੇ ਵੱਖ ਵੱਖ ਜਗ੍ਹਾ ਉੱਤੇ ਰੋਕਾਂ ਲਗਾ ਕੇ, ਪ੍ਰਦਰਸ਼ਨਕਾਰੀਆਂ ਨੂੰ ਲਾਠੀਚਾਰਜ, ਅੱਥਰੂ ਗੈਸ ਅਤੇ ਜ਼ੁਲਮ ਦਾ ਸਹਾਰਾ ਲੈ ਕੇ ਰੋਕਣ ਦੀ ਕੋਸ਼ਿਸ਼ ਇਸ ਸਰਕਾਰ ਦੀ ਤਾਨਾਸ਼ਾਹੀ ਪ੍ਰਵਿਰਤੀ ਨੂੰ ਦਰਸਾਉਂਦੀ ਹੈ ਅਤੇ ਲੋਕਤੰਤਰੀ ਸਿਧਾਂਤਾਂ ਦੀ ਸ਼ਰੇਆਮ ਉਲੰਘਣ ਹੈ ਜਿਸ ਦੀ ਜਿੰਨੀ ਨਿੰਦਾ ਕੀਤੀ ਜਾਏ ਥੋੜੀ ਹੈ।