(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਇੰਦਰ ਲੋਕ ਵਿਚ ਪੰਥ ਵਿਚੋਂ ਛੇਕੇ ਰਾਗੀ ਦਰਸ਼ਨ ਸਿੰਘ ਤੋਂ ਕੀਰਤਨ ਕਰਵਾਉਣ ਤੇ ਉਹਨਾਂ ਦੇ ਨਾਲ ਆਏ ਦਵਿੰਦਰ ਸਿੰਘ ਨਾਂ ਦੇ ਵਿਅਕਤੀ ਵੱਲੋਂ ਅਰਦਾਸ ਤੋੜ ਮਰੋੜ ਕੇ ਪੇਸ਼ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਮਾਮਲੇ ’ਤੇ ਤੁਰੰਤ ਕਾਰਵਾਈ ਕਰਦਿਆਂ ਇਸਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਨੂੰ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ ਜਿਸਨੂੰ ਲੈ ਕੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਹੈ।
ਉਹਨਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਆਪ ਤੁਰੰਤ ਮੌਕੇ ’ਤੇ ਪਹੁੰਚੇ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਾਮਲੇ ਵਿਚ ਤੁਰੰਤ ਕਾਰਵਾਈ ਕਰਦਿਆਂ ਇਕ ਪੜਤਾਲੀਆ ਕਮੇਟੀ ਗਠਿਤ ਕੀਤੀ ਜਿਸਨੇ ਮੌਕੇ ’ਤੇ ਪਹੁੰਚ ਕੇ ਸਾਰੇ ਹਾਲਾਤ ਦਾ ਜਾਇਜ਼ਾ ਲਿਆ ਤੇ ਤੱਥ ਇਕੱਤਰ ਕੀਤੇ। ਉਹਨਾਂ ਦੱਸਿਆ ਕਿ ਪੜਤਾਲੀਆ ਕਮੇਟੀ ਨੇ ਆਪਣੀ ਰਿਪੋਰਟ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪ ਦਿੱਤੀ ਹੈ ਤੇ ਹੁਣ ਸੰਗਤਾਂ ਸਿੰਘ ਸਾਹਿਬ ਦੇ ਅਗਲੇ ਹੁਕਮਾਂ ਦੀ ਉਡੀਕ ਕਰ ਰਹੀਆਂ ਹਨ।
ਸਰਦਾਰ ਕਰਮਸਰ ਨੇ ਕਿਹਾ ਕਿ ਸਿੱਖ ਪੰਥਕ ਮਰਿਆਦਾ ’ਤੇ ਪਹਿਰਾ ਦੇਣਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਢਲਾ ਫਰਜ਼ ਹੈ ਜਿਸਨੂੰ ਉਸਨੇ ਹਮੇਸ਼ਾ ਅੱਗੇ ਹੋ ਕੇ ਨਿਭਾਇਆ ਹੈ ਤੇ ਭਵਿੱਖ ਵਿਚ ਵੀ ਨਿਭਾਉਂਦੀ ਰਹੇਗੀ। ਉਹਨਾਂ ਕਿਹਾ ਕਿ ਪੰਥਕ ਮਰਿਆਦਾ ਘਾਣ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾ ਸਕਦਾ ਤੇ ਨਾ ਹੀ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਮੁਤਾਬਕ ਹੀ ਮਾਮਲੇ ਵਿਚ ਅੱਗੇ ਦੀ ਕਾਰਵਾਈ ਕਰਾਂਗੇ। ਉਹਨਾਂ ਨੇ ਸੰਗਤਾਂ ਨੂੰ ਮਾਮਲੇ ਵਿਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਹੈ।