ਮਨਪ੍ਰੀਤ ਸਿੰਘ ਖਾਲਸਾ.

ਫ਼ਿਲਮ ‘ਸਤਲੁਜ’ ‘ਤੇ ਲਗਾਈ ਗਈ ਪਾਬੰਦੀ ਦੀ ਸਖ਼ਤ ਨਿਖੇਧੀ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ, ਜੀਟੀਬੀਆਈਟੀ ਕਾਲਜ ਦੇ ਡਾਇਰੈਕਟਰ ਅਤੇ ਸਮਾਜਿਕ ਕਾਰਕੁਨ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਇਹ ਸਿਰਫ਼ ਇੱਕ ਫ਼ਿਲਮ ‘ਤੇ ਰੋਕ ਨਹੀਂ, ਸਗੋਂ ਪੰਜਾਬ ਦੇ 1980 ਅਤੇ 1990 ਦੇ ਦਹਾਕਿਆਂ ਨਾਲ ਜੁੜੇ ਇਤਿਹਾਸ, ਉਸ ਦੌਰ ਦੇ ਦਰਦ ਅਤੇ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਪਾਬੰਦੀਆਂ ਰਾਹੀਂ ਮਿਟਾਇਆ ਨਹੀਂ ਜਾ ਸਕਦਾ ਅਤੇ ਸੱਚ ਨੂੰ ਹਮੇਸ਼ਾ ਲਈ ਖ਼ਾਮੋਸ਼ ਨਹੀਂ ਕੀਤਾ ਜਾ ਸਕਦਾ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ‘ਸਤਲੁਜ’ ਫ਼ਿਲਮ ਪੰਜਾਬ ਦੇ ਅਸ਼ਾਂਤ ਦੌਰ ਦੌਰਾਨ ਵਾਪਰੀਆਂ ਘਟਨਾਵਾਂ, ਕਥਿਤ ਝੂਠੇ ਪੁਲਿਸ ਮੁਕਾਬਲਿਆਂ, ਲਾਪਤਾ ਕੀਤੇ ਗਏ ਨੌਜਵਾਨਾਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਦੋਸ਼ਾਂ ਨੂੰ ਲੋਕਾਂ ਸਾਹਮਣੇ ਲਿਆਉਣ ਦਾ ਇੱਕ ਯਤਨ ਹੈ।

ਉਨ੍ਹਾਂ ਕਿਹਾ ਕਿ ਜਦੋਂ ਵੀ ਸਿੱਖ ਕੌਮ ਨਾਲ ਸੰਬੰਧਿਤ ਇਤਿਹਾਸਕ ਮੁੱਦਿਆਂ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਹੁੰਦੀ ਹੈ ਤਾਂ ਉਨ੍ਹਾਂ ਨੂੰ ਰੋਕਣ ਦੇ ਯਤਨ ਕੀਤੇ ਜਾਂਦੇ ਹਨ, ਜੋ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਨਾਲ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ। ਇਸੇ ਉਦੇਸ਼ ਨਾਲ ਜਲਦ ਹੀ ਜੀਟੀਬੀਆਈਟੀ ਕਾਲਜ ਵਿੱਚ ਵਿਦਿਆਰਥੀਆਂ ਲਈ ‘ਸਤਲੁਜ’ ਫ਼ਿਲਮ ਦੀ ਵਿਸ਼ੇਸ਼ ਸਕ੍ਰੀਨਿੰਗ ਕਰਵਾਈ ਜਾਵੇਗੀ, ਤਾਂ ਜੋ ਉਹ 1980-90 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ਅਤੇ ਉਸ ਸਮੇਂ ਨਾਲ ਜੁੜੇ ਵੱਖ-ਵੱਖ ਇਤਿਹਾਸਕ ਪੱਖਾਂ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਇਤਿਹਾਸ ਨੂੰ ਸਮਝਣਾ ਹਰ ਨੌਜਵਾਨ ਦਾ ਹੱਕ ਹੈ ਅਤੇ ਅਤੀਤ ਤੋਂ ਸਿੱਖ ਕੇ ਹੀ ਭਵਿੱਖ ਨੂੰ ਬਿਹਤਰ ਬਣਾਇਆ ਜਾ ਸਕਦਾ ਹੈ। ਬੀਬੀ ਰਣਜੀਤ ਕੌਰ ਨੇ ਕੇਂਦਰ ਅਤੇ ਸੰਬੰਧਿਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ‘ਸਤਲੁਜ’ ਫ਼ਿਲਮ ‘ਤੇ ਲਗਾਈ ਗਈ ਪਾਬੰਦੀ ਤੁਰੰਤ ਵਾਪਸ ਲਈ ਜਾਵੇ ਅਤੇ ਇਸ ਦੇ ਜਨਤਕ ਪ੍ਰਦਰਸ਼ਨ ਦਾ ਰਾਹ ਸਾਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੱਚ, ਇਤਿਹਾਸ ਅਤੇ ਵਿਚਾਰਾਂ ਨੂੰ ਰੋਕਣ ਦੀ ਬਜਾਏ ਉਨ੍ਹਾਂ ‘ਤੇ ਖੁੱਲ੍ਹੀ ਚਰਚਾ ਹੋਣੀ ਚਾਹੀਦੀ ਹੈ, ਕਿਉਂਕਿ ਇਨਸਾਫ਼ ਅਤੇ ਸੱਚਾਈ ਹੀ ਇੱਕ ਮਜ਼ਬੂਤ ਅਤੇ ਲੋਕਤੰਤਰੀ ਸਮਾਜ ਦੀ ਨੀਂਹ ਹੁੰਦੇ ਹਨ।

Share.
© 2026 (ਫਤਿਹ ਲਾਈਵ) FatehLive.com. Designed by Forever Infotech.
Exit mobile version