(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਨਾ ਕੱਢਣ ’ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸਮੂਹ ਕੋਰ ਕਮੇਟੀ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹ ਲਗਾਈ ਜਾਵੇ।
ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤੇ ਗਏ ਸਨ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ 10 ਸਾਲਾਂ ਲਈ ਪਾਰਟੀ ਵਿਚੋਂ ਕੱਢਿਆ ਜਾਵੇ। ਉਹਨਾਂ ਕਿਹਾ ਕਿ ਕੱਲ੍ਹ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਵੀ ਹੋਈ ਜਿਸ ਵਿਚ ਇਹ ਮਾਮਲਾ ਵਿਚਾਰਿਆ ਤੱਕ ਨਹੀਂ ਗਿਆ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹਰ ਹੁਕਮ ਨੂੰ ਮੰਨਣਾ ਹਰ ਸਿੱਖ ਦਾ ਫਰਜ਼ ਹੈ ਪਰ ਅਕਾਲੀ ਦਲ ਹੁਕਮਾਂ ਨੂੰ ਨਜ਼ਰਅੰਦਾਜ਼ ਕਰ ਕੇ ਵੱਡੀ ਕੁਤਾਹੀ ਕਰ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਹੁਕਮ ਅਦੂਲੀ ਲਈ ਸਰਦਾਰ ਬਲਵਿੰਦਰ ਸਿੰਘ ਭੂੰਦੜ ਤੇ ਕੋਰ ਕਮੇਟੀ ਦੇ ਸਮੁੱਚੇ ਮੈਂਬਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹ ਲਗਾਈ ਜਾਣੀ ਚਾਹੀਦੀ ਹੈ।