(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਪੱਛਮੀ ਦਿੱਲੀ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੋਰੀ ਗਾਰਡਨ ਵਿਖੇ ਪਹਿਲੀ ਪਾਤਸਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਹਫਤੇ ਤੱਕ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ. ਇਨ੍ਹਾਂ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ. ਇਸ ਮੌਕੇ ਗੁਰੂ ਨਾਨਕ ਪਬਲਿਕ ਸਕੂਲ ਰਾਜ਼ੋਰੀ ਗਾਰਡਨ ਦੇ ਬੱਚਿਆਂ ਨੇ ਵੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ਼ਬਦ ਗੁਰੂ ਜੀ ਦੇ ਲੜ੍ਹ ਲੱਗਣ ਦੀ ਤਕੀਦ ਵੀ ਕੀਤੀ. ਕਥਾ ਵਾਚਕਾਂ ਤੇ ਪ੍ਰਚਾਰਕਾਂ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਸੰਗਤਾਂ ਨੂੰ ਜਾਣੂੰ ਕਰਵਾਇਆ.
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਹਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਸ. ਮਨਜੀਤ ਸਿੰਘ ਖੰਨਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਪੂਰੇ ਇੱਕ ਹਫਤੇ ਤੱਕ ਸਵੇਰੇ ਤੇ ਸ਼ਾਮ ਨੂੰ ਵਿਸ਼ੇਸ਼ ਦੀਵਾਨ ਸਜਾਏ ਗਏ. ਜਿਨ੍ਹਾਂ ਵਿੱਚ ਜਗਜੀਤ ਸਿੰਘ ਬਬੀਹਾ, ਡਾ.ਮਨਪ੍ਰੀਤ ਸਿੰਘ, ਡਾ. ਹਰਬਨ ਸਿੰਘ ਅਤੇ ਹੋਰ ਰਾਗੀ ਜਥਿਆਂ ਵਲੋਂ ਗੁਰੂ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ. ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ 1 ਦਸੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ. ਪ੍ਰਬੰਧਕਾਂ ਨੇ ਦਸਿਆ ਕਿ ਦਿਨ ਐਤਵਾਰ 1 ਦਸੰਬਰ 2024 ਨੂੰ ਇੱਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸਜਾਇਆ ਜਾਵੇਗਾ.