(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਵਾਰਡ ਨੰਬਰ 34 ਸਰਿਤਾ ਵਿਹਾਰ ਵਿਚ ਕਮੇਟੀ ਮੈਂਬਰ ਸਰਦਾਰ ਗੁਰਪ੍ਰੀਤ ਸਿੰਘ ਜੱਸਾ ਦੇ ਮਾਰਗ ਦਰਸ਼ਨ ਹੇਠ ਨੌਜਵਾਨ ਵੀਰ ਇੰਦਰਪਾਲ ਸਿੰਘ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਹੋ ਗਏ। ਪਾਰਟੀ ਵਲੋਂ ਇੰਦਰਪਾਲ ਸਿੰਘ ਨੂੰ ਵਾਰਡ 34 ਯੂਥ ਵਿੰਗ ਦਾ ਪ੍ਰਧਾਨ ਬਣਾਇਆ ਗਿਆ।
ਇਹਨਾਂ ਮੈਂਬਰਾਂ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਰਦਾਰ ਇੰਦਰਪਾਲ ਸਿੰਘ ਤੇ ਸਾਥੀਆਂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਹਨਾਂ ਕਿਹਾ ਕਿ ਨੌਜਵਾਨ ਵਰਗ ਦੇ ਪਾਰਟੀ ਵਿਚ ਸ਼ਾਮਲ ਹੋਣ ਤੋਂ ਸਪਸ਼ਟ ਸੰਕੇਤ ਹੈ ਕਿ ਸਾਡਾ ਨੌਜਵਾਨ ਵਰਗ ਦਿੱਲੀ ਕਮੇਟੀ ਦੀ ਮੌਜੂਦਾ ਟੀਮ ਦੇ ਕੰਮਕਾਜ ਤੇ ਕੌਮ ਦੀ ਕੀਤੀ ਜਾ ਰਹੀ ਸੇਵਾ ਤੋਂ ਬੇਹੱਦ ਖੁਸ਼ ਹੈ ਜਿਸ ਤੋਂ ਪ੍ਰੇਰਿਤ ਹੋ ਕੇ ਇਹ ਨੌਜਵਾਨ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।
ਉਹਨਾਂ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਨਾ ਸਿਰਫ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਮਿਲੇਗਾ ਬਲਕਿ ਕਮੇਟੀ ਵਿਚ ਵੀ ਵੱਖ-ਵੱਖ ਅਹੁਦਿਆਂ ’ਤੇ ਨਿਯੁਕਤੀਆਂ ਦੇ ਰੂਪ ਵਿਚ ਸਨਮਾਨਤ ਕੀਤਾ ਜਾਵੇਗਾ। ਉਹਨਾਂ ਨੇ ਨੌਜਵਾਨਾਂ ਦਾ ਧੰਨਵਾਦ ਵੀ ਕੀਤਾ ਜਿਹਨਾਂ ਨੇ ਪਾਰਟੀ ਦਾ ਸਾਥ ਦੇਣ ਦਾ ਮਨ ਬਣਾਇਆ।