(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਿਹ ਨਗਰ ਤੇ ਤਿਲਕ ਵਿਹਾਰ ਦੀਆਂ ਸ਼ਾਖ਼ਾਵਾਂ ਵਿਚ ਸਮਾਰਟ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅੱਜ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਤਿਹ ਨਗਰ ਤੇ ਤਿਲਕ ਵਿਹਾਰ ਦੀਆਂ ਸ਼ਾਖ਼ਾਵਾਂ ਵਿਚ ਸਮਾਰਟ ਕਲਾਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਹਨਾਂ ਸਮਾਰਟ ਕਲਾਸਾਂ ਦਾ ਵਿਦਿਆਰਥੀਆਂ ਨੂੰ ਬਹੁਤ ਵੱਡਾ ਲਾਭ ਮਿਲੇਗਾ। ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰਫੀਸ਼ੀਅਲ ਇੰਟੈਲੀਜੈਂਸ ਸਮੇਤ ਹਰ ਆਧੁਨਿਕ ਤਕਨਾਲੋਜੀ ਵਿਦਿਆਰਥੀਆਂ ਨੂੰ ਸਿੱਖਲਾਈ ਦੇਣ ਵਾਸਤੇ ਪ੍ਰਦਾਨ ਕਰੇਗੀ।
ਉਹਨਾਂ ਕਿਹਾ ਕਿ ਸਾਡਾ ਟੀਚਾ ਹੈ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਾਰੇ ਵਿਦਿਆਰਥੀ ਅਤਿ ਆਧੁਨਿਕ ਤਕਨੀਕ ਤੇ ਤਕਨਾਲੋਜੀ ਤੋਂ ਜਾਣੂ ਹੋਣ ਤਾਂ ਜੋ ਦੇਸ਼ ਵਿਦੇਸ਼ ਵਿਚ ਹੋ ਰਹੀ ਤਰੱਕੀ ਦੇ ਹਾਣ ਦਾ ਬਣ ਕੇ ਜ਼ਿੰਦਗੀ ਵਿਚ ਕਾਮਯਾਬ ਹੋਣ।
ਉਹਨਾਂ ਕਿਹਾ ਕਿ ਇਹ ਸਮਾਰਟ ਕਲਾਸਾਂ ਸ਼ੁਰੂ ਕਰਨ ਲਈ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਤੇ ਵਿਦਿਆਰਥੀਆਂ ਦਾ ਬਹੁਤ ਵੱਡਾ ਤਾਲਮੇਲ ਇਸ ਸਕੀਮ ਨੂੰ ਸ਼ੁਰੂ ਕਰਨ ਵਿਚ ਮਿਲਿਆ ਹੈ ਜਿਸ ਲਈ ਉਹ ਧੰਨਵਾਦੀ ਹਨ।
ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਇਸ ਗੱਲ ’ਤੇ ਦ੍ਰਿੜ੍ਹ ਸੰਕਲਪ ਹੈ ਕਿ ਸਾਡੇ ਸਕੂਲ ਦੇਸ਼ ਤੇ ਦੁਨੀਆਂ ਦੇ ਸਕੂਲਾਂ ਦੇ ਬਰਾਬਰ ਦੇ ਹਾਣੀ ਬਣਨ ਤੇ ਇਸ ਵਾਸਤੇ ਜੋ ਸਾਨੂੰ ਕਦਮ ਚੁੱਕਣ ਦੀ ਲੋੜ ਪਈ ਤਾਂ ਹਰ ਕਦਮ ਚੁੱਕਿਆ ਜਾਵੇਗਾ। ਉਹਨਾਂ ਨੇ ਇਸ ਕੰਮ ਵਿਚ ਸਹਿਯੋਗ ਦੇਣ ਲਈ ਮਾਪਿਆਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।