(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸਨੂੰ ਦੇਰ ਨਾਲ ਲਿਆ ਗਿਆ ਸਹੀ ਫੈਸਲਾ ਕਰਾਰ ਦਿੱਤਾ ਹੈ।
ਮੀਡਿਆ ਨੂੰ ਜਾਰੀ ਕੀਤੇ ਗਏ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਕਾਫੀ ਸਮਾਂ ਪਹਿਲਾਂ ਹੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਵੇਖਦਿਆਂ ਅਸਤੀਫਾ ਦੇ ਦੇਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਚਲੋ ਹੁਣ ਵੀ ਜੇਕਰ ਉਹਨਾਂ ਅਸਤੀਫਾ ਦੇ ਦਿੱਤਾ ਹੈ ਤਾਂ ਇਸਨੂੰ ਦੇਰ ਨਾਲ ਲਿਆ ਗਿਆ ਸਹੀ ਫੈਸਲਾ ਕਰਾਰ ਦਿੱਤਾ ਜਾ ਸਕਦਾ ਹੈ।
ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਤਾਜ਼ਾ ਘਟਨਾਕ੍ਰਮ ਨੂੰ ਵੇਖਦਿਆਂ ਹੁਣ ਪੰਥ ਦੇ ਏਕੇ ਵਾਸਤੇ ਪਹਿਲਕਦਮੀ ਕਰਨ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦਾ ਸ਼ਾਨਾਮੱਤਾ ਇਤਿਹਾਸ ਮੁੜ ਬਹਾਲ ਕੀਤਾ ਜਾ ਸਕੇ।
ਉਹਨਾਂ ਕਿਹਾ ਕਿ ਕੌਮ ਦਾ ਏਕਾ ਇਸ ਵੇਲੇ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਹੈ ਤੇ ਇਸ ਦਿਸ਼ਾ ਵਿਚ ਜਥੇਦਾਰ ਸਾਹਿਬ ਵੱਲੋਂ ਚੁੱਕੇ ਗਏ ਕਿਸੇ ਵੀ ਕਦਮ ਦਾ ਦਿੱਲੀ ਗੁਰਦੁਆਰਾ ਕਮੇਟੀ ਤੇ ਦਿੱਲੀ ਦੀ ਸੰਗਤ ਪੂਰਨ ਦਿਲੋਂ ਸਵਾਗਤ ਤੇ ਸਤਿਕਾਰ ਕਰੇਗੀ। ਉਹਨਾਂ ਆਸ ਪ੍ਰਗਟ ਕੀਤੀ ਕਿ ਆਉਂਦੇ ਸਮੇਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੌਮ ਦੇ ਵਡੇਰੇ ਹਿੱਤਾਂ ਵਿਚ ਵੱਡੇ ਫੈਸਲੇ ਲੈਣਗੇ।