ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਸਰਦਾਰ ਸਰਬਜੀਤ ਸਿੰਘ ਮੱਕੜ ਨੂੰ ਧਰਮ ਪ੍ਰਚਾਰ ਵਿੰਗ ਦੀ ਸਬ ਕਮੇਟੀ ਦਾ ਸੀਨੀਅਰ ਵਾਈਸ ਚੇਅਰਮੈਨ ਅਤੇ ਸਰਦਾਰਨੀ ਮਨਦੀਪ ਕੌਰ ਮੱਕੜ ਨੂੰ ਧਰਮ ਪ੍ਰਚਾਰ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸਰਦਾਰ ਸਰਬਜੀਤ ਸਿੰਘ ਮੱਕੜ ਅਤੇ ਸਰਦਾਰਨੀ ਮਨਦੀਪ ਕੌਰ ਮੱਕੜ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਆਗੂਆਂ ਨੇ ਕਿਹਾ ਕਿ ਸਰਦਾਰ ਸਰਬਜੀਤ ਸਿੰਘ ਮੱਕੜ ਦੇ ਪਰਿਵਾਰ ਦੇ ਟੀਮ ਨਾਲ ਜੁੜਨ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸੰਗਤ ਵੱਲੋਂ ਲਗਾਤਾਰ ਮਿਲ ਰਹੇ ਸਮਰਥਨ ਕਾਰਨ ਟੀਮ ਦਿਨੋਂ-ਦਿਨ ਹੋਰ ਮਜ਼ਬੂਤ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਧਾਰੀ ਬੱਚਿਆਂ ਦੀ ਫੀਸ ਮੁਆਫ਼ੀ ਲਈ ਬਣਾਈ ਗਈ ਕਮੇਟੀ ਵਿੱਚ ਸਰਦਾਰ ਸਰਬਜੀਤ ਸਿੰਘ ਮੱਕੜ ਨੂੰ ਕੋਰ ਕਮੇਟੀ ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮੁੱਚੀ ਟੀਮ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਲਾਰੈਂਸ ਰੋਡ ਸਥਿਤ ਏ-1 ਅਤੇ ਸੀ-3 ਗੁਰਦੁਆਰਾ ਸਾਹਿਬ ਨਾਲ ਸੰਬੰਧਿਤ ਗੁਰੂ ਤੇਗ ਬਹਾਦਰ ਸੇਵਾ ਸੋਸਾਇਟੀ ਦੇ ਮੈਂਬਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਆਪਣੀ ਨਿਯੁਕਤੀ ਲਈ ਸਰਦਾਰ ਸਰਬਜੀਤ ਸਿੰਘ ਮੱਕੜ ਨੇ ਸਰਦਾਰ ਹਰਮੀਤ ਸਿੰਘ ਕਾਲਕਾ, ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਦਾ ਧੰਨਵਾਦ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਗੁਰੂ ਸਾਹਿਬ ਦੀ ਕਿਰਪਾ ਸਦਕਾ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਿਰੰਤਰ ਕਾਰਜ ਕਰਦੇ ਰਹਿਣਗੇ।

Share.
© 2026 (ਫਤਿਹ ਲਾਈਵ) FatehLive.com. Designed by Forever Infotech.
Exit mobile version