ਮਾਮਲਾ ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਦੇਣ ਦਾ
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਦੂਜੇ ਕੇਸ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅੱਜ ਦਿੱਲੀ ਦੀ ਰਾਊਜ਼ ਅਵੈਨਿਊ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਉਣ ਨਾਲ ਕਤਲੇਆਮ ਦੇ 41 ਸਾਲਾਂ ਬਾਅਦ ਸਿੱਖਾਂ ਦੇ ਜ਼ਖ਼ਮਾਂ ’ਤੇ ਮੱਲ੍ਹਮ ਲਾਉਣ ਦਾ ਕੰਮ ਹੋਇਆ ਹੈ ਤੇ ਉਹਨਾਂ ਨੇ ਪ੍ਰਣ ਦੁਹਰਾਇਆ ਕਿ ਜਦੋਂ ਤੱਕ ਕਤਲੇਆਮ ਦੇ ਸਾਰੇ ਦੋਸ਼ੀ ਸਲਾਖਾਂ ਪਿੱਛੇ ਨਹੀਂ ਜਾਂਦੇ, ਦਿੱਲੀ ਗੁਰਦੁਆਰਾ ਕਮੇਟੀ ਆਪਣਾ ਸੰਘਰਸ਼ ਜਾਰੀ ਰੱਖੇਗੀ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਨੇ ਅਦਾਲਤ ਵੱਲੋਂ ਸੱਜਣ ਕੁਮਾਰ ਬਾਰੇ ਲਏ ਫੈਸਲੇ ਦਾ ਸਵਾਗਤ ਕੀਤਾ ਪਰ ਨਾਲ ਹੀ ਕਿਹਾ ਕਿ ਸਰਕਾਰੀ ਧਿਰ ਨੇ ਸੱਜਣ ਕੁਮਾਰ ਲਈ ਫਾਂਸੀ ਦੀ ਸਜ਼ਾ ਮੰਗੀ ਸੀ, ਚੰਗਾ ਹੁੰਦਾ ਜੇਕਰ ਇਸ ਦਰਿੰਦੇ ਨੂੰ ਅਦਾਲਤ ਫਾਂਸੀ ਦੀ ਸਜ਼ਾ ਸੁਣਾਉਂਦੀ ਕਿਉਂਕਿ ਉਮਰ ਕੈਦ ਤਾਂ ਇਹ ਪਹਿਲਾਂ ਹੀ ਪਹਿਲੇ ਕੇਸ ਵਿਚ ਕੱਟ ਰਿਹਾ ਹੈ।
ਉਹਨਾਂ ਕਿਹਾ ਕਿ ਅਸੀਂ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਵਿਚ ਨਿਆਂ ਲੈਣ ਦੀ ਲੜਾਈ ਨਿਰੰਤਰ ਲੜ ਰਹੇ ਹਾਂ ਤੇ ਜਦੋਂ ਤੱਕ ਸਾਰੇ ਦੋਸ਼ੀ ਜੇਲ੍ਹ ਨਹੀਂ ਜਾਂਦੇ ਅਸੀਂ ਲੜਦੇ ਰਹਾਂਗੇ। ਉਹਨਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਜਿਹਨਾਂ ਨੇ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਵਾਸਤੇ ਐਸ ਆਈ ਟੀ ਦਾ ਗਠਨ ਕੀਤਾ ਜਿਸਦੀ ਬਦੌਲਤ ਹੁਣ ਇਹਨਾਂ ਕੇਸਾਂ ਵਿਚ ਨਿਆਂ ਮਿਲ ਰਿਹਾ ਹੈ।