(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
ਇਸ ਮੌਕੇ ਕਮੇਟੀ ਦੇ ਵੱਖ-ਵੱਖ ਗੁਰੂ ਘਰਾਂ ਵਿਚ ਗੁਰਮਤਿ ਦੀਵਾਨ ਸਜਾਏ ਗਏ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਚਾਂਦਨੀ ਚੌਂਕ ਵਿਚ ਆਪਣੀ ਸ਼ਹਾਦਤ ਦੇ ਕੇ ਭਾਰਤ ਨੂੰ ਇਸਦਾ ਮੌਜੂਦਾ ਸਰੂਪ ਦਿੱਤਾ ਹੈ। ਉਹਨਾਂ ਕਿਹਾ ਕਿ ਔਰੰਗਜੇਬ ਸਾਰੇ ਲੋਕਾਂ ਨੂੰ ਮੁਸਲਮਾਨ ਬਣਾਉਣਾ ਚਾਹੁੰਦਾ ਸੀ ਪਰ ਗੁਰੂ ਸਾਹਿਬ ਨੇ ਆਪਣੀ ਸ਼ਹਾਦਤ ਦੇ ਕੇ ਉਸਦੀ ਇਸ ਮੁਹਿੰਮ ਨੂੰ ਠੱਪ ਕਰ ਦਿੱਤਾ।
ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਸੱਚੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੱਤਾ ਤੇ ਇਹ ਸਿਖਾਇਆ ਕਿ ਮਾੜੇ ਤੋਂ ਮਾੜੇ ਹਾਲਾਤ ਵਿਚ ਵੀ ਸਾਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਸਗੋਂ ਸ਼ਹਾਦਤਾਂ ਦੇ ਕੇ ਵੀ ਗੈਰ ਸਾਧਾਰਣ ਹਾਲਾਤਾਂ ਦਾ ਸਾਹਮਣਾ ਕੀਤਾ ਜਾ ਸਕਦਾ ਹੈ।
ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਲੜ ਲਾਉਣ ਲਈ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ਹੇਠ ਵੱਖ-ਵੱਖ ਪ੍ਰੋਗਰਾਮ ਚਲਾਏ ਗਏ ਹਨ। ਉਹਨਾਂ ਕਿਹਾ ਕਿ ਧਰਮ ਦਾ ਪ੍ਰਚਾਰ ਦਿੱਲੀ ਗੁਰਦੁਆਰਾ ਕਮੇਟੀ ਦੀ ਸਭ ਤੋਂ ਵੱਡੀ ਤਰਜੀਹ ਹੈ।
ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪੋ ਆਪਣੇ ਘਰਾਂ ਵਿਚ ਬੱਚਿਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜਨ ਦੇ ਯਤਨ ਕਰਨੇ ਚਾਹੀਦੇ ਹਨ ਤੇ ਗੁਰੂ ਸਾਹਿਬਾਨ ਦਾ ਇਤਿਹਾਸ ਬੱਚਿਆਂ ਨੂੰ ਪੜ੍ਹਾਉਣਾ ਚਾਹੀਦਾ ਹੈ ਤੇ ਇਸਦੀ ਬਦੌਲਤ ਹੀ ਅਸੀਂ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਾਂਗੇ।