ਮਨਪ੍ਰੀਤ ਸਿੰਘ ਖਾਲਸਾ।
ਕੈਨੇਡਾ ਦੇ ਮੌਂਟਰੀਆਲ ਵਿੱਚ ਇਮੀਗ੍ਰੇਸ਼ਨ ਕਰਵਾਉਣ ਦੇ ਨਾਮ ’ਤੇ ਸੈਂਕੜੇ ਪਰਿਵਾਰਾਂ ਤੋਂ ਹਜ਼ਾਰਾਂ ਡਾਲਰ ਵਸੂਲਣ ਅਤੇ ਕਈ ਪਰਿਵਾਰਾਂ ਨਾਲ ਕਥਿਤ ਧੋਖਾਧੜੀ ਕਰਨ ਦੇ ਗੰਭੀਰ ਦੋਸ਼ਾਂ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਤੋਂ ਬਾਅਦ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਦੀ ਪ੍ਰਬੰਧਕ ਕਮੇਟੀ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਫੈਸਲਾ ਕੀਤਾ ਹੈ।
ਗੁਰਦੁਆਰਾ ਪਾਰਕ ਐਕਸ ਦੇ ਮੁੱਖ ਸੇਵਾਦਾਰ ਸਰਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੀੜਤਾਂ ਵੱਲੋਂ ਜਸਵਿੰਦਰ ਸਿੰਘ ਸੰਧੂ ’ਤੇ ਇਮੀਗ੍ਰੇਸ਼ਨ ਕਰਵਾਉਣ ਦੇ ਨਾਮ ’ਤੇ ਕਈ ਪਰਿਵਾਰਾਂ ਤੋਂ ਹਜ਼ਾਰਾਂ ਡਾਲਰ ਲੈਣ, ਕੁਝ ਲੋਕਾਂ ਦੀਆਂ ਕਥਿਤ ਤੌਰ ’ਤੇ ਗਲਤ ਸਟੋਰੀਆਂ ਲਗਾਉਣ ਅਤੇ ਕਈ ਲੋਕਾਂ ਨੂੰ ਪੂਰਾ ਪੇਪਰ ਵਰਕ ਮੁਹੱਈਆ ਨਾ ਕਰਵਾਉਣ ਦੇ ਦੋਸ਼ ਲਗਾਏ ਗਏ ਹਨ।
ਮਾਮਲਾ ਉਸ ਸਮੇਂ ਹੋਰ ਗੰਭੀਰ ਹੋ ਗਿਆ, ਜਦੋਂ ਸੰਧੂ ਦੇ ਦੇਸ਼ ਛੱਡ ਕੇ ਚਲੇ ਜਾਣ ਦੀ ਜਾਣਕਾਰੀ ਸਾਹਮਣੇ ਆਈ। ਇਸ ਤੋਂ ਬਾਅਦ ਪੀੜਤ ਪਰਿਵਾਰਾਂ ਨੇ ਚਰਨਜੀਤ ਸਿੰਘ ਸੁੱਜੋ ਅਤੇ ਜੋਬਨ ਸਿੰਘ ਰਾਹੀਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਸੰਪਰਕ ਕੀਤਾ। ਕਮੇਟੀ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਵਿਸ਼ੇਸ਼ ਮੀਟਿੰਗ ਬੁਲਾਈ ਗਈ।
ਮੀਟਿੰਗ ਦੌਰਾਨ ਪੀੜਤ ਪਰਿਵਾਰਾਂ ਨੇ ਆਪਣੇ ਨਾਲ ਵਾਪਰੀਆਂ ਘਟਨਾਵਾਂ ਅਤੇ ਕਥਿਤ ਤੌਰ ’ਤੇ ਹੋਏ ਆਰਥਿਕ ਨੁਕਸਾਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਕਮੇਟੀ ਦੇ ਸਾਹਮਣੇ ਰੱਖੀ। ਕਮੇਟੀ ਨੇ ਸਪੱਸ਼ਟ ਕੀਤਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਇਕੱਲਾ ਨਹੀਂ ਛੱਡਿਆ ਜਾਵੇਗਾ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ।
ਮਾਮਲੇ ਦੇ ਕਾਨੂੰਨੀ ਪੱਖ ਦੀ ਜਾਂਚ ਅਤੇ ਅਗਲੀ ਕਾਰਵਾਈ ਸਬੰਧੀ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਇਹ ਟੀਮ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਅਗਲੇ ਕਦਮ ਤੈਅ ਕਰੇਗੀ। ਇਸ ਦੇ ਨਾਲ ਹੀ ਪੁਲਿਸ ਨਾਲ ਜਲਦ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਉਣ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ।
ਕਮੇਟੀ ਨੇ ਸਮੁੱਚੀ ਕਮਿਊਨਿਟੀ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪਰਿਵਾਰਾਂ ਵੱਲੋਂ ਆਪਣੀ ਮਿਹਨਤ ਦੀ ਕਮਾਈ ਗੁਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ। ਕਮੇਟੀ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਹੋਰ ਵਿਅਕਤੀ ਜਾਂ ਪਰਿਵਾਰ ਨਾਲ ਵੀ ਇਸ ਤਰ੍ਹਾਂ ਦਾ ਮਾਮਲਾ ਵਾਪਰਿਆ ਹੈ ਤਾਂ ਉਹ ਅੱਗੇ ਆ ਕੇ ਆਪਣੀ ਜਾਣਕਾਰੀ ਸਾਂਝੀ ਕਰੇ, ਤਾਂ ਜੋ ਮਾਮਲੇ ਦੀ ਪੂਰੀ ਜਾਣਕਾਰੀ ਇਕੱਠੀ ਕਰਕੇ ਕਾਨੂੰਨੀ ਪੱਧਰ ’ਤੇ ਅਗਲੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਸੁਰਜੀਤ ਸਿੰਘ, ਜਸਵਿੰਦਰ ਸਿੰਘ, ਜਤਿੰਦਰ ਸਿੰਘ ਮੁਲਤਾਨੀ, ਬਲਰਾਜ ਸਿੰਘ, ਮੁਲਖ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।


































