ਵਿਦਿਆਰਥੀਆਂ ਨੂੰ ਗੁਰਸਿੱਖੀ ਜੀਵਨ ਦੇ ਹਰੇਕ ਪਹਿਲੂ ਨਾਲ ਜਾਣੂ ਕਰਵਾਉਣ ਦੀ ਕੀਤੀ ਗਈ ਹੈ ਵਿਵਸਥਾ: ਕਰਮਸਰ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿਂਗ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਗਰਮੀ ਦੀਆਂ ਛੁੱਟੀਆਂ ਨੂੰ ਧਿਆਨ ਵਿੱਚ ਰੱਖਦਿਆਂ ਦੇਸ਼ ਭਰ ਦੇ ਵਿਦਿਆਰਥੀਆਂ ਲਈ ਵਿਆਪਕ ਪੱਧਰ ‘ਤੇ ਗੁਰਮਤਿ ਕੈਂਪ ਲਗਾਉਣ ਦੀ ਤਿਆਰੀ ਕੀਤੀ ਗਈ ਹੈ। ਇਸ ਸਬੰਧ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਦਿੱਲੀ ਕਮੇਟੀ ਦੇ ਮੈਂਬਰਾਂ ਅਤੇ ਉਹਨਾਂ ਸਾਰੇ ਸੇਵਾਦਾਰਾਂ ਨਾਲ ਮੀਟਿੰਗ ਕੀਤੀ ਗਈ ਹੈ ਜੋ ਹਰ ਵਾਰੀ ਇਨ੍ਹਾਂ ਕੈਂਪਾਂ ਵਿੱਚ ਸੇਵਾ ਨਿਭਾਉਂਦੇ ਆ ਰਹੇ ਹਨ। ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੈਂਪ ਕੇਵਲ ਦਿੱਲੀ ਵਿੱਚ ਹੀ ਨਹੀਂ, ਸਗੋਂ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਲਗਾਏ ਜਾਣਗੇ।

ਮੀਡੀਆ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਕਾਲਕਾ, ਕਾਹਲੋਂ ਤੇ ਕਰਮਸਰ ਨੇ ਦੱਸਿਆ ਕਿ ਕਮੇਟੀ ਨੇ ਦਿੱਲੀ ਸਮੇਤ ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਉੱਤਰਾਖੰਡ ਅਤੇ ਦੇਸ਼ ਦੇ ਹੋਰ ਭਾਗਾਂ ਵਿੱਚ ਇਹ ਕੈਂਪ ਲਗਾਉਣ ਦੀ ਤਿਆਰੀ ਮੁਕੰਮਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿੰਘ ਸਭਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਖੇਤਰ ਵਿੱਚ ਇਨ੍ਹਾਂ ਕੈਂਪਾਂ ਦੀ ਤਿਆਰੀ ਪੂਰੀ ਕਰਣ। ਉਹਨਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਰਾਹੀਂ ਵਿਦਿਆਰਥੀਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜਨ ਅਤੇ ਉਨ੍ਹਾਂ ਨੂੰ ਗੁਰਬਾਣੀ ਤੇ ਸਿੱਖ ਜੀਵਨ ਮੁੱਲਾਂ ਨਾਲ ਪ੍ਰੇਰਿਤ ਕਰਨ ਦੇ ਯਤਨ ਕੀਤੇ ਜਾਣਗੇ। ਹਰ ਸਾਲ ਵਾਂਗ ਹੀ ਇਸ ਵਾਰ ਵੀ ਕਮੇਟੀ ਵੱਲੋਂ ਵਿਸ਼ੇਸ਼ ਗੁਰਮਤਿ ਸਾਹਿਤ ਤਿਆਰ ਕਰਵਾਇਆ ਗਿਆ ਹੈ, ਗੁਰਮਤਿ ਅਧਿਆਪਕ ਤਿਆਰ ਹਨ, ਅਤੇ ਵਿਦਿਆਰਥੀਆਂ ਨੂੰ ਗੁਰਸਿੱਖੀ ਜੀਵਨ ਦੇ ਹਰੇਕ ਪਹਿਲੂ ਨਾਲ ਜਾਣੂ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ।

ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ 20 ਮਈ ਤੋਂ 15 ਜੂਨ ਤੱਕ ਚੱਲਣ ਵਾਲੇ ਇਨ੍ਹਾਂ ਕੈਂਪਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆਪਣੇ ਬੱਚਿਆਂ ਨੂੰ ਭੇਜਣ ਤਾਂ ਜੋ ਉਹ ਗੁਰਸਿੱਖੀ ਜੀਵਨ ਨਾਲ ਜੁੜ ਸਕਣ ਅਤੇ ਆਪਣਾ ਜੀਵਨ ਸਫਲ ਬਣਾ ਸਕਣ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਵੀ ਵੱਧ ਗਿਣਤੀ ਵਿੱਚ ਵਿਦਿਆਰਥੀ ਇਨ੍ਹਾਂ ਕੈਂਪਾਂ ਵਿੱਚ ਭਾਗ ਲੈਣਗੇ। ਇਸ ਮੌਕੇ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਵੀਂ ਇਸ ਵਿਸ਼ੇਸ ਮੀਟਿੰਗ ਵਿਚ ਹਾਜ਼ਿਰੀ ਭਰੀ ਸੀ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version