(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦੇਸ਼ ਵਿੱਚ ਪਿਛਲੇ ਕੁਝ ਸਾਲਾਂ ਤੋਂ ਧਰਮ ਪਰਿਵਰਤਨ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧੀ ਵਿਚਾਰ ਕਰਨ ਲਈ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਸਿੱਖ ਯੂਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ ਅਤੇ ਇਸ ਮੌਕੇ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ।
ਇਸ ਮੌਕੇ ਬੁਲਾਰਿਆਂ ਵਜੋਂ ਸਾਬਕਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸੇਵਾਮੁਕਤ ਕਰਨਲ ਜੀ.ਐਸ.ਗਰੇਵਾਲ, ਪ੍ਰੋਫੈਸਰ ਅਜੈ ਸ਼ਰਮਾ, ਮਧੂਲਿਖਾ ਜੋਇਸ ਆਦਿ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਿੱਖ ਯੂਥ ਫਾਊਂਡੇਸ਼ਨ ਦੇ ਮੁਖੀ ਹਰਨੇਕ ਸਿੰਘ ਅਤੇ ਉਨ੍ਹਾਂ ਦੀ ਟੀਮ ਦੇ ਵਿਸ਼ੇਸ਼ ਯਤਨਾਂ ਨਾਲ ਸੈਮੀਨਾਰ ਕਰਵਾਇਆ ਗਿਆ ਅਤੇ ਇੱਕ ਫਿਲਮ ਰਾਹੀਂ ਦਿਖਾਇਆ ਗਿਆ ਕਿ ਕਿਵੇਂ ਭੋਲੇ-ਭਾਲੇ ਲੋਕਾਂ ਨੂੰ ਕਈ ਤਰ੍ਹਾਂ ਦੇ ਲਾਲਚ ਦੇ ਕੇ ਆਪਣੇ ਜਾਲ ਵਿੱਚ ਫਸਾਇਆ ਜਾਂਦਾ ਹੈ।
ਸ: ਹਰਮਨਜੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਇਸ ਵਿਚ ਕਾਫੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਜਿਸ ਵੱਲ ਧਾਰਮਿਕ ਜਥੇਬੰਦੀਆਂ ਨੂੰ ਧਿਆਨ ਦੇਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਖਾਸ ਕਰਕੇ ਪੰਜਾਬ ਵਿੱਚ ਅਜਿਹੇ ਮਾਮਲੇ ਜ਼ਿਆਦਾ ਦੇਖਣ ਨੂੰ ਮਿਲ ਰਹੇ ਹਨ ਅਤੇ ਇਸ ਨੂੰ ਰੋਕਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਵੀ ਸੰਜੀਦਗੀ ਲੈਣੀ ਚਾਹੀਦੀ ਹੈ।