(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਗਿਆਨੀ ਬਲਜੀਤ ਸਿੰਘ ਨੇ ਮਾਤਾ ਸੁੰਦਰੀ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾ ਸੰਗਤਾਂ ਨੂੰ ਮਾਤਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ ਸਮੇਤ ਸੰਗਤਾਂ ਹਾਜ਼ਰ ਸਨ।