(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਵੱਧ ਰਹੇ ਹਮਲਿਆਂ ‘ਤੇ ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਬੰਗਲਾਦੇਸ਼ ‘ਚ ਹਿੰਦੂਆਂ ਨੂੰ ਇਕ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇਹ ਸਭ ਪਾਕਿਸਤਾਨ ਅਤੇ ਆਈਐਸਆਈ ਦੇ ਇਸ਼ਾਰੇ ‘ਤੇ ਹੋ ਰਿਹਾ ਹੈ। ਸ. ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਜਿਸ ਤਰ੍ਹਾਂ ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਅੱਤਿਆਚਾਰ ਵੱਧ ਰਹੇ ਹਨ, ਮੰਦਰਾਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਕਤਲ ਹੋ ਰਹੇ ਹਨ, ਬੰਗਲਾਦੇਸ਼ ਵਿਰੁੱਧ ਕੌਮਾਂਤਰੀ ਪੱਧਰ ‘ਤੇ ਕਾਰਵਾਈ ਹੋਣੀ ਚਾਹੀਦੀ ਹੈ।
ਸ. ਪੰਮਾ ਨੇ ਕਿਹਾ ਕਿ ਜਲਦੀ ਹੀ ਨੈਸ਼ਨਲ ਅਕਾਲੀ ਦਲ ਬੰਗਲਾਦੇਸ਼ ਸਫ਼ਾਰਤਖ਼ਾਨੇ ਦੇ ਬਾਹਰ ਧਰਨਾ ਦੇ ਕੇ ਆਪਣੇ ਰੋਸ ਦਾ ਪ੍ਰਗਟਾਵਾ ਕਰੇਗਾ. ਸ. ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਇਹ ਬਹੁਤ ਦੁੱਖ ਭਰੀ ਗੱਲ ਹੈ ਕਿ ਮੌਜੂਦਾ ਬੰਗਲਾਦੇਸ਼ ਸਰਕਾਰ ਅਤੇ ਹੋਰ ਏਜੰਸੀਆਂ ਇਨ੍ਹਾਂ ਨੂੰ ਰੋਕਣ ਦੀ ਬਜਾਏ ਸਿਰਫ਼ ਮੂਕ ਦਰਸ਼ਕ ਬਣੀਆਂ ਹੋਈਆਂ ਹਨ ਅਜਿਹਾ ਲੱਗਦਾ ਹੈ ਕਿ ਇਹ ਕੰਮ ਕਿਸੇ ਸਾਜ਼ਿਸ਼ ਦੇ ਹਿੱਸੇ ਵੱਜੋਂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਾਕਿਸਤਾਨ ਵਿਚ ਵੀ ਘੱਟ ਗਿਣਤੀਆਂ ‘ਤੇ ਅੱਤਿਆਚਾਰ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ‘ਤੇ ਹਮਲੇ ਹੋਏ ਹਨ ਅਤੇ ਇੱਥੇ ਵੀ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।