(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਭਾਸ਼ਾ ਪ੍ਰਚਾਰ ਕਮੇਟੀ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ’ਨੂਰ ਏ ਪੰਜਾਬੀ’ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਹੋਏ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਹਮੇਸ਼ਾ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਵਾਸਤੇ ਬਣੀ ਕਮੇਟੀ ਦੇ ਸਰਦਾਰ ਹਰਦਿੱਤ ਸਿੰਘ ਗੋਵਿੰਦਪੁਰੀ ਅਤੇ ਸਰਦਾਰ ਰਾਜਿੰਦਰ ਸਿੰਘ ਵਿਰਾਸਤ ਵੱਲੋਂ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਜਿੰਨੇ ਵੀ ਸ਼ਬਦਾਂ ਵਿਚ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।
ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਮੌਜੂਦਾ ਟੀਮ ਤੋਂ ਪਹਿਲਾਂ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਇਸ ਤਰੀਕੇ ਦੇ ਉਪਰਾਲੇ ਕਦੇ ਨਹੀਂ ਕੀਤੇ ਗਏ ਜੋ ਹੁਣ ਸਰਦਾਰ ਹਰਦਿੱਤ ਸਿੰਘ ਤੇ ਸਰਦਾਰ ਰਾਜਿੰਦਰ ਸਿੰਘ ਵਿਰਾਸਤ ਦੀ ਅਗਵਾਈ ਹੇਠ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਜੋ ਪ੍ਰਦਰਸ਼ਨੀ ਇਥੇ ਲਗਾਈ ਗਈ, ਉਸ ਵਾਸਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀਆਂ ਵੱਲੋਂ ਕੀਤੇ ਅਣਥੱਕ ਯਤਨਾਂ ਦੀ ਵੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।
ਉਹਨਾਂ ਕਿਹਾ ਕਿ ਇਹ ਪ੍ਰੋਗਰਾਮ ਪਿਛਲੇ ਦੋ ਸਾਲਾਂ ਤੋਂ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਪੰਜਾਬੀ ਮਾਂ ਬੋਲੀ ’ਤੇ ਮੁਕਾਬਲੇ ਆਯੋਜਿਤ ਕਰਵਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਾਂ ਬੋਲੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਕੀਤ ਜਾ ਰਹੇ ਯਤਨਾਂ ਵਾਸਤੇ ਕਮੇਟੀ ਵਧਾਈ ਦੀ ਪਾਤਰ ਹੈ।
ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਆਪਣੀ ਮਾਂ ਬੋਲੀ ਪੰਜਾਬੀ ਦੀ ਲਿਪੀ ਗੁਰਮੁਖੀ ਲਿਪੀ ਨਾਲ ਜੋੜਿਆ ਤੇ ਦੁਨੀਆਂ ਦੀ ਇਹ ਇਕਲੌਤੀ ਬੋਲੀ ਜਾਂ ਲਿਪੀ ਹੈ ਜਿਸਦਾ ਹਰ ਅੱਖਰ ਆਪਣੇ ਆਪ ਵਿਚ ਸੰਪੂਰਨ ਹੈ। ਉਹਨਾਂ ਕਿਹਾ ਕਿ ਇਹ ਇਕ ਸੱਚਾਈ ਹੈ ਕਿ ਅੱਜ ਜਿਹੜਾ ਬੱਚਾ ਆਪਣੀ ਮਾਂ ਬੋਲੀ ਨਾਲ ਜੁੜ ਜਾਂਦਾ ਹੈ, ਉਹ ਗੁਰਸਿੱਖੀ ਜੀਵਨ ਨਾਲ ਜੁੜ ਜਾਂਦਾ ਹੈ ਅਤੇ ਉਸ ਤੋਂ ਕਦੇ ਪਾਸੇ ਨਹੀਂ ਹੋ ਸਕਦਾ।
ਉਹਨਾਂ ਕਿਹਾ ਕਿ ਅੱਜ ਵਿਦਿਆਰਥੀ ਜਿੰਨੀਆਂ ਮਰਜ਼ੀ ਭਾਸ਼ਾਵਾਂ ਸਿੱਖਣ ਅਤੇ ਦੁਨੀਆਂ ਵਿਚ ਕਦੇ ਵੀ ਜਾਣ ਭਾਵੇਂ ਚੀਨ ਵਿਚ ਜਾਣ ਜਾਂ ਜਪਾਨ ਵਿਚ ਜਾਣ ਤਾਂ ਵੇਖਣਗੇ ਕਿ ਉਥੇ ਦੇ ਲੋਕ ਹਮੇਸ਼ਾ ਆਪਣੀ ਮਾਂ ਬੋਲੀ ਨਾਲ ਜੁੜੇ ਰਹਿੰਦੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਸਾਨੂੰ ਕਦੇ ਵੀ ਆਪਣੀ ਮਾਂ ਬੋਲੀ ਨੂੰ ਨਹੀਂ ਭੁੱਲਣਾ ਚਾਹੀਦਾ। ਉਹਨਾਂ ਕਿਹਾ ਕਿ ਅੰਗਰੇਜ਼ੀ ਭਾਸ਼ਾ ਦੀ ਅੱਜ ਕੌਮਾਂਤਰੀ ਪੱਧਰ ’ਤੇ ਬਹੁਤ ਜ਼ਰੂਰਤ ਹੈ ਪਰ ਜੇਕਰ ਅਸੀਂ ਮਾਂ ਬੋਲੀ ਨਾਲ ਜੁੜ ਰਹਾਂਗੇ ਤਾਂ ਸਾਡੀ ਜ਼ਿੰਦਗੀ ਹਮੇਸ਼ਾ ਸਫਲ ਹੋਵੇਗੀ।
ਉਹਨਾਂ ਕਿਹਾ ਕਿ ਅੱਜ ਦੇ ਪ੍ਰਗਰਾਮ ਵਿਚ ਪੁਰਾਤਨ ਵਿਰਸੇ ਨੂੰ ਸੰਭਾਲਦੇ ਹੋਏ ਮਹਾਨ ਕਵੀਆਂ ਦੀਆਂ ਰਚਨਾਵਾਂ ਪੜ੍ਹੀਆਂ ਗਈਆਂ ਜਿਹਨਾਂ ਵਿਚ ਭਾਈ ਵੀਰ ਸਿੰਘ, ਪ੍ਰੋ. ਮੋਹਨ ਸਿੰਘ, ਨੰਦ ਲਾਲ ਨੂਰਪੁਰੀ, ਬੁੱਲੇਸ਼ਾਹ, ਪ੍ਰੀਤਮ ਸਿੰਘ ਆਨੰਦ, ਅੰਮ੍ਰਿਤਾ ਪ੍ਰੀਤਮ, ਸੁਰਜੀਤ ਪਾਤਰ ਸਮੇਤ ਬਹੁਤ ਸ਼ਖਸੀਅਤਾਂ ਸ਼ਾਮਲ ਹਨ ਜਿਹਨਾਂ ਨੇ ਪੰਜਾਬੀ ਨੂੰ ਬਹੁਤ ਵੱਡੇ ਪੱਧਰ ’ਤੇ ਉਪਰ ਚੁੱਕਿਆ, ਇਹ ਵੇਖ ਕੇ ਬਹੁਤਹੀ ਪ੍ਰਸੰਨਤਾ ਹੋਈ।
ਉਹਨਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਨੂੰ ਕਰਵਾਉਣ ਦਾ ਮਕਸਦ ਇਹ ਹੈ ਕਿ ਸਾਡੇ ਆਪਣੇ ਬੱਚੇ ਆਪਣੀ ਮਾਂ ਬੋਲੀ ਤੇ ਆਪਣੇ ਪੁਰਾਤਨ ਵਿਰਸੇ ਨਾਲ ਜੁੜੇ ਰਹਿਣ ਤਾਂ ਹੀ ਉਹ ਗੁਰਸਿੱਖੀ ਜੀਵਨ ਜਾਚ ਨਾਲ ਜੁੜੇ ਰਹਿਣਗੇ।
ਇਸ ਮੌਕੇ ਅਮਰਜੀਤ ਸਿੰਘ ਪਿੰਕੀ ਚੇਅਰਮੈਨ, ਸਤਨਾਮ ਸਿੰਘ ਚੇਅਰਮੈਨ, ਧਰਮ ਪ੍ਰਚਾਰ ਕਮੇਟੀ ਦੇ ਕੋ ਚੇਅਰਮੈਨ ਇੰਦਰਜੀਤ ਸਿੰਘ ਮੋਂਟੀ, ਗੁਰਮੀਤ ਸਿੰਘ ਟਿੰਕੂ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਚੇਅਰਮੈਨ, ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।