ਮਨਪ੍ਰੀਤ ਸਿੰਘ ਖਾਲਸਾ.
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਸਬੰਧੀ ਪੰਜਾਬ ਸਰਕਾਰ ਨਾਲ ਗੱਲਬਾਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰਾਂ ਦੀ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਅਗਲੀ ਚਰਚਾ ਤੋਂ ਪਹਿਲਾਂ 29 ਜੂਨ 2026 ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਰਿਪੋਰਟ ਸਰਕਾਰ ਪੇਸ਼ ਕਰੇ। ਜਸਟਿਸ (ਸੇਵਾਮੁਕਤ) ਰੁਪਿੰਦਰ ਸਿੰਘ ਸੋਢੀ ਦੀ ਅਗਵਾਈ ਵਾਲੀ ਕਮੇਟੀ ਦੀ ਪਹਿਲੀ ਬੈਠਕ ਦੌਰਾਨ ਇਹ ਫ਼ੈਸਲਾ ਲਿਆ ਗਿਆ।
ਕਮੇਟੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 29 ਜੁਲਾਈ ਨੂੰ ਭੇਜਿਆ ਗਿਆ ਜਵਾਬ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਬੁਨਿਆਦੀ ਇਤਰਾਜ਼ਾਂ, ਖ਼ਾਸ ਕਰਕੇ ਪ੍ਰਸਤਾਵਿਤ ਕਾਨੂੰਨ ਦੀਆਂ ਉਹ ਧਾਰਾਵਾਂ ਜੋ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦੀਆਂ ਹਨ, ਦਾ ਤਸੱਲੀਬਖ਼ਸ਼ ਜਵਾਬ ਨਹੀਂ ਦਿੰਦਾ। ਕਮੇਟੀ ਅਨੁਸਾਰ ਸਰਕਾਰ ਨੇ ਤੱਥਾਂ ਨੂੰ ਸਪੱਸ਼ਟ ਕਰਨ ਦੀ ਬਜਾਏ ਮੁੱਦੇ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਹੈ।
ਕਮੇਟੀ ਨੇ ਇਹ ਵੀ ਦੱਸਿਆ ਕਿ ਖ਼ਾਲਸਾ ਪੰਥ ਦੀਆਂ ਚਿੰਤਾਵਾਂ ਤੋਂ 31 ਜੁਲਾਈ 2026 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਪੰਜਾਬ ਕੈਬਨਿਟ ਦੇ ਮੈਂਬਰਾਂ ਨੂੰ ਵਿਸਥਾਰ ਨਾਲ ਜਾਣੂ ਕਰਵਾ ਦਿੱਤਾ ਗਿਆ ਸੀ, ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਠੋਸ ਅਤੇ ਉਸਾਰੂ ਪਹਿਲਕਦਮੀ ਸਾਹਮਣੇ ਨਹੀਂ ਆਈ। ਬੈਠਕ ਵਿੱਚ ਇਹ ਵੀ ਚਿੰਤਾ ਜਤਾਈ ਗਈ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ਦੇ ਹੱਲ ਲਈ ਸਰਕਾਰ ਦਾ ਰਵੱਈਆ ਹੁਣ ਤੱਕ ਉਸਾਰੂ ਨਹੀਂ ਰਿਹਾ ਅਤੇ ਕਾਫ਼ੀ ਸਮਾਂ ਮਿਲਣ ਦੇ ਬਾਵਜੂਦ ਵੀ ਸਰਕਾਰ ਨੇ ਇਸ ਮੁੱਦੇ ‘ਤੇ ਵਿਚਾਰ-ਵਟਾਂਦਰੇ ਲਈ ਆਪਣੀ ਕਮੇਟੀ ਦਾ ਗਠਨ ਨਹੀਂ ਕੀਤਾ।















