ਕਿਹਾ– ਸਿੱਖ ਬੀਬੀ ਦੇ ਕਾਤਲ ਤੁਰੰਤ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ- ਜਥੇਦਾਰ ਕੁਲਦੀਪ ਸਿੰਘ ਗੜਗੱਜ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਕੰਗ ਪਿੰਡ ਵਿਖੇ ਉਸ ਪੀੜਤ ਸਿੱਖ ਪਰਿਵਾਰ ਦੇ ਘਰ ਪੁੱਜੇ ਜਿੱਥੇ ਬੀਤੇ ਦਿਨੀਂ ਨੌਜਵਾਨ ਸਿੱਖ ਬੀਬੀ ਗੁਰਪ੍ਰੀਤ ਕੌਰ ਦਾ ਗੁਰਬਾਣੀ ਦਾ ਪਾਠ ਕਰਦੇ ਹੋਏ ਦਿਨ ਦਿਹਾੜੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।

ਜਥੇਦਾਰ ਗੜਗੱਜ ਨੇ ਸਿੱਖ ਬੀਬੀ ਦੇ ਪਰਿਵਾਰਕ ਮੈਂਬਰਾਂ ਅਤੇ ਬੱਚਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਰਿਵਾਰ ਨਾਲ ਬੈਠ ਕੇ ਗੁਰਬਾਣੀ ਦਾ ਜਾਪ ਕਰਕੇ ਕਰਤਾ ਪੁਰਖ ਅੱਗੇ ਖੁਦ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ, ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਚੜ੍ਹਦੀ ਕਲਾ ਬਖ਼ਸ਼ਣ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਵਿੱਚ ਹਰ ਪੱਧਰ ਉੱਤੇ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸੂਬੇ ਅੰਦਰ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਉੱਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਰਾਖੀ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੀ ਜਿੰਮੇਵਾਰੀ ਹੈ ਕਿ ਉਹ ਆਪਣੇ ਨਾਗਰਿਕਾਂ ਦੀ ਜਾਨ ਮਾਲ ਦੀ ਰਾਖੀ ਕਰੇ ਅਤੇ ਇਸ ਪਰਿਵਾਰ ਦਾ ਦੁੱਖ ਬਹੁਤ ਵੱਡਾ ਹੈ। ਉਨ੍ਹਾਂ ਸਮੂਹ ਅਮਨ ਪਸੰਦ ਲੋਕਾਂ ਨੂੰ ਇਸ ਪਰਿਵਾਰ ਦਾ ਨਿਆਂ ਦਿਵਾਉਣ ਵਿੱਚ ਸਾਥ ਦੇਣ ਲਈ ਵੀ ਆਖਿਆ। ਉਨ੍ਹਾਂ ਸਮੁੱਚੇ ਪੰਜਾਬ ਦੇ ਪਿੰਡ ਵਾਸੀਆਂ ਅਤੇ ਸਮਾਜ ਨੂੰ ਆਪਣੇ ਆਲੇ-ਦੁਆਲੇ ਦਾ ਧਿਆਨ ਰੱਖਣ ਅਤੇ ਸ਼ਰਾਰਤੀ ਤੇ ਅਪਰਾਧੀ ਅਨਸਰਾਂ ਵਿਰੁੱਧ ਇੱਕਜੁੱਟਤਾ ਨਾਲ ਨਜਿੱਠਣ ਲਈ ਕਿਹਾ।

ਪੀੜਤ ਪਰਿਵਾਰ ਨੇ ਜਥੇਦਾਰ ਨੂੰ ਦੱਸਿਆ ਕਿ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਵੀ ਹੁਣ ਤੱਕ ਪੁਲਿਸ ਵੱਲੋਂ ਹੱਤਿਆ ਕਰਨ ਵਾਲੇ ਦੋਸ਼ੀ ਗ੍ਰਿਫ਼ਤਾਰ ਨਹੀਂ ਕੀਤੇ ਗਏ ਹਨ। ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਨੂੰ ਸਖ਼ਤੀ ਨਾਲ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਾਹਮਣੇ ਲਿਆਂਦਾ ਜਾਵੇ ਅਤੇ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾ ਦਿਵਾ ਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਮੁੱਚਾ ਖ਼ਾਲਸਾ ਪੰਥ ਇਸ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਸਰਕਾਰ ਸਮਾਜ ਵਿੱਚ ਖੁੱਲ੍ਹੇ ਤੌਰ ’ਤੇ ਵਿਚਰ ਰਹੇ ਅਪਰਾਧੀ ਅਨਸਰਾਂ ਨੂੰ ਤੁਰੰਤ ਨੱਥ ਪਾਵੇ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਨੇ ਮਾੜੇ ਤੋਂ ਮਾੜੇ ਹਾਲਾਤ ਵਿੱਚ ਵੀ ਬੱਚਿਆਂ ਅਤੇ ਬੀਬੀਆਂ ਦੀ ਰੱਖਿਆ ਕੀਤੀ ਹੈ ਪਰ ਅਜਿਹਾ ਬਦਲਾਅ ਸੂਬੇ ਅੰਦਰ ਪਹਿਲਾਂ ਕਦੇ ਨਹੀਂ ਆਇਆ ਕਿ ਗੁਰਬਾਣੀ ਦਾ ਪਾਠ ਕਰਦੀ ਸਾਡੀ ਧੀ ਦਾ ਕਤਲ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਮੰਦਭਾਗੀ ਹੈ ਅਤੇ ਇਸ ਨੇ ਉਨ੍ਹਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਗੁਰਬਚਨ ਸਿੰਘ ਕਰਮੂਵਾਲਾ, ਅਕਾਲੀ ਆਗੂ ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਧਰਮਿੰਦਰ ਸਿੰਘ ਮਾਨੋਚਾਹਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ, ਸ. ਗੁਰਸੇਵਕ ਸਿੰਘ ਸ਼ੇਖ ਨੇ ਵੀ ਜਥੇਦਾਰ ਗੜਗੱਜ ਦੇ ਨਾਲ ਕੰਗ ਪਿੰਡ ਪੁੱਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version