ਮਨਪ੍ਰੀਤ ਸਿੰਘ ਖਾਲਸਾ.

ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਜੀਵਨ ਸਿੰਘ ਤਾਮਿਲ ਨੇ ਇੱਕ ਤਿੱਖਾ ਬਿਆਨ ਜਾਰੀ ਕਰਦਿਆਂ ਦੇਸ਼ ਦੇ ਨੌਜਵਾਨਾਂ, ਖ਼ਾਸ ਕਰਕੇ ਸਿੱਖ, ਦਲਿਤ ਅਤੇ ਪਿੱਛੜੇ ਵਰਗਾਂ ਦੇ ਨੌਜਵਾਨਾਂ ਨੂੰ ਭਾਵਨਾਤਮਕ ਅਤੇ ਭਰਮਾਉਣ ਵਾਲੀਆਂ ਰਾਜਨੀਤਿਕ ਲਹਿਰਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਜਾਤੀਵਾਦ ਦੇ ਖ਼ਾਤਮੇ ਦਾ ਸੰਦੇਸ਼ ਦਿੰਦੀ ਹੈ, ਜਿਸ ਤੋਂ ਭਟਕਣਾ ਸਮਾਜ ਲਈ ਨੁਕਸਾਨਦੇਹ ਹੋਵੇਗੀ।

ਸਰਦਾਰ ਜੀਵਨ ਸਿੰਘ ਤਾਮਿਲ ਨੇ ਕਿਹਾ ਕਿ ਦੇਸ਼ ਦੀਆਂ ਸਮਾਜਿਕ ਅਤੇ ਆਰਥਿਕ ਸਮੱਸਿਆਵਾਂ ਦਾ ਹੱਲ ਕੇਵਲ ਨਵੇਂ ਨਾਅਰਿਆਂ ਜਾਂ ਭਾਵਨਾਤਮਕ ਰਾਜਨੀਤੀ ਨਾਲ ਨਹੀਂ ਨਿਕਲ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਨਵੀਆਂ ਰਾਜਨੀਤਿਕ ਤਾਕਤਾਂ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਕੇ ਆਪਣੇ ਸਿਆਸੀ ਮਕਸਦ ਪੂਰੇ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਰਾਜਨੀਤਿਕ ਲਹਿਰ ਦਾ ਸਮਰਥਨ ਕਰਨ ਤੋਂ ਪਹਿਲਾਂ ਉਸ ਦੀ ਵਿਚਾਰਧਾਰਾ ਅਤੇ ਇਤਿਹਾਸ ਦਾ ਗੰਭੀਰਤਾ ਨਾਲ ਅਧਿਐਨ ਕਰਨ।

ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਨੂੰ ਆਪਣੇ ਅਧਿਕਾਰਾਂ, ਸਮਾਜਿਕ ਨਿਆਂ ਅਤੇ ਸੰਵਿਧਾਨਕ ਬਰਾਬਰੀ ਲਈ ਸੰਗਠਿਤ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦੇਸ਼ ਵਿੱਚ ਜਾਤੀਵਾਦ ਅਤੇ ਸਮਾਜਿਕ ਅਸਮਾਨਤਾ ਨੂੰ ਕਾਇਮ ਰੱਖਣ ਵਾਲੀਆਂ ਤਾਕਤਾਂ ਵੱਖ-ਵੱਖ ਰੂਪਾਂ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੀਆਂ ਰਹੀਆਂ ਹਨ, ਜਿਨ੍ਹਾਂ ਨੂੰ ਪਛਾਣਨਾ ਸਮੇਂ ਦੀ ਲੋੜ ਹੈ।

ਬਹੁਜਨ ਦ੍ਰਾਵਿੜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨੇ ਕਿਹਾ ਕਿ ਮਾਨਯਵਰ ਕਾਂਸ਼ੀਰਾਮ, ਥੰਥਾਈ ਪੇਰੀਆਰ ਅਤੇ ਸਿੱਖ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਸਮਾਜਿਕ ਬਰਾਬਰੀ ਅਤੇ ਮਨੁੱਖੀ ਸਨਮਾਨ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਬਹੁਜਨ ਸਮਾਜ ਨੂੰ ਏਕਤਾ, ਜਾਗਰੂਕਤਾ ਅਤੇ ਸੰਗਠਿਤ ਸੰਘਰਸ਼ ਰਾਹੀਂ ਆਪਣੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਭਾਵਨਾਤਮਕ ਨਾਅਰਿਆਂ ਦੀ ਬਜਾਏ ਵਿਚਾਰਧਾਰਕ ਅਤੇ ਲੋਕ-ਹਿੱਤ ਵਾਲੀ ਰਾਜਨੀਤੀ ਨੂੰ ਤਰਜੀਹ ਦੇਣੀ ਚਾਹੀਦੀ ਹੈ।

Share.
© 2026 (ਫਤਿਹ ਲਾਈਵ) FatehLive.com. Designed by Forever Infotech.
Exit mobile version