(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਪਰਮਜੀਤ ਸਿੰਘ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਨਰਿੰਦਰ ਸਿੰਘ, ਸਹਾਇਕ ਚੀਫ ਸ. ਬਲਰਾਜ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਸਰਬਜੀਤ ਸਿੰਘ ਪੱਟੀ, ਗੁਰਦੁਆਰਾ ਇੰਸਪੈਕਟਰ ਸ. ਮੁਕੰਦ ਸਿੰਘ ਤੇ ਡਰਾਈਵਰ ਸ. ਰਸਾਲ ਸਿੰਘ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਪ੍ਰਚਾਰ ਅਤੇ ਸਮਾਜ ਭਲਾਈ ਕਾਰਜਾਂ ਵਿਚ ਜ਼ਿਕਰਯੋਗ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣ ਦੀ ਅਪੀਲ ਕੀਤੀ। ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸਾਬਕਾ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਇੰਚਾਰਜ ਸ. ਬਲਜੀਤ ਸਿੰਘ ਨੇ ਨਿਭਾਈ।