(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)
ਵਰਲਡ ਸਿੱਖ ਪਾਰਲੀਮੈਂਟ ਬਾਪੂ ਸੂਰਤ ਸਿੰਘ ਖਾਲਸਾ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ, ਜੋ ਕਿ ਪੰਥਕ ਸੋਚ ਅਤੇ ਨਿਰਸਵਾਰਥ ਸੇਵਾ ਦੀ ਮਿਸਾਲ ਸਨ। ਵਰਲਡ ਸਿੱਖ ਪਾਰਲੀਮੈਂਟ ਦੇ ਕੋਅਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ, ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਬਾਪੂ ਸੂਰਤ ਸਿੰਘ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ੀਲ ਸਨ ਤੇ ਉਹਨਾਂ ਦੀ ਕੌਮ ਪ੍ਰਤੀ ਅਟੁੱਟ ਵਚਨਬੱਧਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਰਹੇਗੀ।
16 ਜਨਵਰੀ, 2015 ਨੂੰ ਸ਼ੁਰੂ ਕੀਤੇ ਮਰਨ ਵਰਤ ਰਾਹੀਂ, ਬਾਪੂ ਸੂਰਤ ਸਿੰਘ ਜੀ ਨੇ ਬੰਦੀ ਸਿੰਘਾਂ ਨਾਲ ਹੋ ਰਹੀ ਬੇਇਨਸਾਫੀ ਅਤੇ ਦੁਰਦਸ਼ਾ ਵੱਲ ਪੂਰੀ ਦੁਨੀਆ ਦਾ ਧਿਆਨ ਦਿਵਾਇਆ। ਉਨ੍ਹਾਂ ਪੂਰੀ ਦ੍ਰਿੜਤਾ ਅਤੇ ਕੌਮੀ ਸਮਰਪਣ ਦੀ ਭਾਵਨਾ ਨਾਲ ਆਪਣੀ ਲੜਾਈ ਨੂੰ 14 ਜਨਵਰੀ 2023 ਤੱਕ ਤਕਰੀਬਨ 8 ਸਾਲ ਜਾਰੀ ਰੱਖਿਆ । ਇਸ ਦੌਰਾਨ ਸਰਕਾਰ ਵੱਲੋਂ ਉਹਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ ਕੀਤੀ ਪਰ ਬਾਪੂ ਸੂਰਤ ਸਿੰਘ ਆਪਣੇ ਨਿਸ਼ਾਨੇ ਤੇ ਦ੍ਰਿੜ ਰਹੇ। ਬਾਪੂ ਸੂਰਤ ਸਿੰਘ ਨੇ ਜੂਨ 1984 ਵਿੱਚ ਭਾਰਤ ਸਰਕਾਰ ਦੇ ਸ੍ਰੀ ਦਰਬਾਰ ਸਾਹਿਬ ਉੱਤੇ ਫੌਜੀ ਹਮਲੇ ਤੋਂ ਬਾਅਦ ਆਪਣੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਉਸ ਤੋਂ ਬਾਅਦ ਕੌਮੀ ਅਜ਼ਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਂਦੇ ਰਹੇ। ਅਕਾਲ ਚਲਾਣੇ ਤੋਂ ਕੁਝ ਦਿਨ ਪਹਿਲਾਂ ਹੀ ਇੱਕ ਵੀਡੀਓ ਰਾਹੀਂ ਬਾਪੂ ਜੀ ਨੇ ਪੰਥਕ ਧਿਰਾਂ, ਬੁੱਧੀਜੀਵੀਆਂ, ਸਮਝਦਾਰ ਵਿਅਕਤੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਸੀ ਕਿ ਆਓ ਆਪਾਂ ਰਲ ਮਿਲ ਕੇ ਕੌਮ ਨੂੰ ਬਚਾ ਲਈਏ ਤੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਕੇ ਖੇਡਾਂ ਪ੍ਰਤੀ ਉਤਸਾਹਿਤ ਕਰੀਏ। ਬਾਪੂ ਜੀ ਦੀ ਕੌਮ ਨੂੰ ਚੜ੍ਹਦੀ ਕਲਾ ਵਿੱਚ ਦੇਖਣ ਦੀ ਭਾਵਨਾ ਅਤੇ ਕੌਮੀ ਸੇਵਾ ਲਈ ਸਿਰੜ ਸਲਾਹੁਣਯੋਗ ਹੈ ਅਤੇ ਉਨ੍ਹਾਂ ਦਾ ਵਿਛੋੜਾ ਸਿੱਖ ਕੌਮ ਲਈ ਅਤੇ ਮਨੁੱਖਤਾ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਵਰਲਡ ਸਿੱਖ ਪਾਰਲੀਮੈਂਟ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ਤੇ ਉਨ੍ਹਾਂ ਦੇ ਪਰਿਵਾਰ ਨਾਲ ਦਿਲੋਂ ਸੰਵੇਦਨਾ ਪ੍ਰਗਟ ਕਰਦੀ ਹੈ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਦੀ ਹੈ ਕਿ ਬਾਪੂ ਜੀ ਦੀ ਸੇਵਾ ਥਾਂਇ ਪਾਉਣ ਅਤੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।
ਵਰਲਡ ਸਿੱਖ ਪਾਰਲੀਮੈਂਟ ਦੀ ਸਿੱਖ ਕੌਮ ਨੂੰ ਅਪੀਲ ਹੈ ਕਿ ਬਾਪੂ ਸੂਰਤ ਸਿੰਘ ਵੱਲੋਂ ਬੰਦੀ ਸਿੰਘਾਂ ਦੇ ਜਿਸ ਮੁੱਦੇ ਨੂੰ ਲੈ ਕੇ ਆਪਣੇ ਆਖਰੀ ਸਮੇਂ ਤੱਕ ਸੰਘਰਸ਼ ਕੀਤਾ ਸੀ ਉਹ ਅੱਜ ਵੀ ਜਿਉਂ ਦਾ ਤਿਉਂ ਹੈ। ਭਾਰਤ ਸਰਕਾਰ ਵੱਲੋਂ ਸਿੱਖਾਂ ਨਾਲ ਬੇਇਨਸਾਫੀ ਤੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹ ਵਿੱਚ ਰੱਖਿਆ ਹੋਇਆ ਹੈ। ਆਓ ਬਾਪੂ ਸੂਰਤ ਸਿੰਘ ਵੱਲੋਂ ਅਰੰਭੇ ਕਾਰਜ ਤੇ ਬੰਦੀ ਸਿੰਘਾਂ ਨੂੰ ਇਨਸਾਫ ਦਿਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਇੱਕਜੁੱਟ ਹੋ ਕੇ ਕੁੱਦੀਏ । ਇਹ ਹੀ ਬਾਪੂ ਸੂਰਤ ਸਿੰਘ ਦੀ ਕੁਰਬਾਨੀ ਦਾ ਸਨਮਾਨ ਹੋਵੇਗਾ।