(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਬੀਤੇ ਦਿਨੀ ਭਾਈ ਮਹਿਲ ਸਿੰਘ ਜੀ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ ।ਉਹਨਾਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਕੀਤੇ ਨਿਰਸਵਾਰਥ ਸੰਘਰਸ਼ ਅਤੇ ਕੁਰਬਾਨੀ ਨੂੰ ਸਿੱਖ ਫੈਡਰੇਸ਼ਨ ਯੂਕੇ ਵੱਲੋਂ ਕੇਸਰੀ ਪ੍ਰਣਾਮ ਹੈ। ਸੰਨ 1978 ਵਿਸਾਖੀ ਮੌਕੇ ਨਿਰੰਕਾਰੀਆਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ 13 ਸਿੱਖਾਂ ਦੇ ਕਤਲੇਆਮ ਤੋਂ ਬਾਅਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਚੱਲੀ ਸੰਘਰਸ਼ ਦੀ ਲਹਿਰ ਵਿੱਚ ਭਾਈ ਸਾਹਿਬ ਦਾ ਅਹਿਮ ਯੋਗਦਾਨ ਹੈ।

ਉਨ੍ਹਾਂ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਵਿੱਚ ਰਹਿੰਦਿਆਂ ਸੰਘਰਸ਼ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਸਿੱਖ ਕੌਮ ਦੀ ਆਨ ਸ਼ਾਨ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ। ਭਾਈ ਮਹਿਲ ਸਿੰਘ ਜੀ ਨੇ ਤਕਰੀਬਨ ਪੰਜ ਦਹਾਕੇ ਸਿੱਖ ਸੰਘਰਸ਼ ਵਿੱਚ ਸੇਵਾ ਕੀਤੀ। ਸੰਘਰਸ਼ ਵਿੱਚ ਹਿੱਸਾ ਪਾਉਣ ਦੇ ਨਾਲ ਗੁਰਧਾਮਾਂ ਦੀ ਕਾਰ ਸੇਵਾ ਵੀ ਕੀਤੀ। ਉਨ੍ਹਾਂ ਦਾ ਸਿੱਖ ਕੌਮ ਦੀ ਅਜ਼ਾਦੀ ਪ੍ਰਤੀ ਸਮਰਪਣ ਅਤੇ ਸੰਘਰਸ਼ ਪ੍ਰਤੀ ਦ੍ਰਿੜ ਵਚਨਬੱਧਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗੀ।

ਸਿੱਖ ਫੈਡਰੇਸ਼ਨ ਯੂਕੇ ਵੱਲੋਂ ਭਾਈ ਅਮਰੀਕ ਸਿੰਘ ਗਿੱਲ, ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਨਰਿੰਦਰਜੀਤ ਸਿੰਘ, ਦਬਿੰਦਰਜੀਤ ਸਿੰਘ ਅਤੇ ਭਾਈ ਹਰਦੀਸ਼ ਸਿੰਘ ਨੇ ਕਿਹਾ ਕਿ ਅਸੀਂ ਭਾਈ ਮਹਿਲ ਸਿੰਘ ਜੀ ਦੀਆਂ ਕੌਮ ਪ੍ਰਤੀ ਕੁਰਬਾਨੀਆਂ ਨੂੰ ਹਮੇਸ਼ਾ ਸਿਜਦਾ ਕਰਦੇ ਹੋਏ ਗੁਰੂ ਮਹਾਰਾਜ ਜੀ ਦੇ ਪਾਵਨ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਉਨ੍ਹਾਂ ਦੀ ਰੂਹ ਨੂੰ ਸਦੀਵ ਕਾਲ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਿਸ਼ ਕਰਨ ਅਤੇ ਸਿੱਖ ਕੌਮ ਨੂੰ ਚੜ੍ਹਦੀ ਕਲਾ ਬਖਸ਼ਿਸ਼ ਕਰਨ।

Share.
© 2025 (ਫਤਿਹ ਲਾਈਵ) FatehLive.com. Designed by Forever Infotech.
Exit mobile version